ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੁੱਧ ਕਿਸਾਨਾਂ ਦਾ ਵਿਰੋਧ ਵੀਰਵਾਰ ਨੂੰ ਵੀ ਜਾਰੀ ਹੈ। ਮੰਗਲਵਾਰ ਨੂੰ ਕਿਸਾਨਾਂ ਅਤੇ ਪ੍ਰਸ਼ਾਸਨ ਦਰਮਿਆਨ ਬੇਸਿੱਟਾਂ ਗੱਲਬਾਤ ਦੇ ਬਾਅਦ ਬੁੱਧਵਾਰ ਦੀ ਬੈਠਕ ਵਿੱਚ ਵੀ ਕੋਈ ਹੱਲ ਨਹੀਂ ਨਿਕਲਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਕਰਨਾਲ ਵਿੱਚ ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਗਲਤ ਜਾਣਕਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਮੋਬਾਈਲ, ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ।
ਇਹ ਹੁਕਮ ਅੱਜ ਰਾਤ 11:59 ਵਜੇ ਤੱਕ ਲਾਗੂ ਰਹੇਗਾ। ਕਰਨਾਲ ਵਿੱਚ ਧਰਨੇ ਦੀ ਜ਼ਿੰਮੇਵਾਰੀ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਤੀ ਗਈ ਹੈ। ਕਿਸਾਨਾਂ ਦੀ ਮੰਗ ਹੈ ਕਿ ਲਾਠੀਚਾਰਜ ਵਿੱਚ ਸ਼ਹੀਦ ਹੋਏ ਕਿਸਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਐਸਡੀਐਮ ਉੱਤੇ ਕਤਲ ਦੇ ਲਈ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ, ਪਰ ਸਰਕਾਰ ਨੇ ਇਸਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।