[gtranslate]

ਪੰਜਾਬ ਦੌਰੇ ਤੋਂ ਪਹਿਲਾ ਬੋਲੇ ਕੇਜਰੀਵਾਲ- ‘ਚੰਨੀ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਕਾਇਮ ਰੱਖਣ ‘ਚ ਰਹੀ ਨਾਕਾਮ’

kejriwal speaks ahead of punjab visit

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਨੂੰ ਪਟਿਆਲਾ ਵਿਖੇ ‘ਸ਼ਾਂਤੀ ਮਾਰਚ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸ਼ਿਸ ਅਤੇ ਲੁਧਿਆਣਾ ਅਦਾਲਤ ਵਿੱਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ ‘ਤੇ ਹਮਲੇ ਹਨ।

ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਧਮਾਕਾ ਇਹ ਸਾਬਿਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ ‘ਤੇ ਪ੍ਰੇਰਿਤ ਤੱਤ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ ‘ਤੇ ਜਿਆਦਾ ਧਿਆਨ ਦਿੰਦੇ ਹਨ।

ਮੁੱਖ ਮੰਤਰੀ ਚੰਨੀ ਨੂੰ ਘੇਰਦਿਆਂ ਕੇਜਰੀਵਾਲ ਨੇ ਕਿਹਾ ਕਿ ਜਨਤਾ ਦੀ ਕਸੌਟੀ ‘ਤੇ ਪੂਰੀ ਤਰ੍ਹਾਂ ਫੇਲ ਹੋਈ ਚੰਨੀ ਸਰਕਾਰ ਆਪਣੀ ਕੁਰਸੀ ਤੱਕ ਹੀ ਸੀਮਤ ਹੈ, ਜਨਤਾ ਨਾਲ ਕੋਈ ਸਰੋਕਾਰ ਨਹੀਂ ਹੈ। ਕੇਜਰੀਵਾਲ ਨੇ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਕੁਝ ਲੋਕ ਵਿਰੋਧੀ ਤਾਕਤਾਂ ਸਾਜ਼ਿਸ਼ ਦੇ ਤਹਿਤ ਪੰਜਾਬ ‘ਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ। 2017 ਦੀਆਂ ਚੋਣਾਂ ਦੌਰਾਨ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ “ਗੁਟਕਾ ਸਾਹਿਬ” ਦਾ ਵਾਅਦਾ ਲੈ ਕੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਦੀ ਗੱਲ ਕਹੀ ਸੀ। ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਦੇ ਹੱਥ ਖਾਲੀ ਹਨ। ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪੰਜਾਬ ‘ਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ‘ਤੇ ਧਿਆਨ ਦੇਣ ਦੀ ਬਜਾਏ ਘਰੇਲੂ ਜੰਗ ‘ਚ ਰੁੱਝੀ ਹੋਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫਿਰਕਿਆਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਗੰਦੀਆਂ ਸਿਆਸੀ ਚਾਲਾਂ/ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿੱਚ ਇਸ ਸ਼ਾਂਤੀ ਮਾਰਚ ਵਿੱਚ ਅਸੀਂ ਇਕੱਠੇ ਹੋ ਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਾਂਗੇ।

ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਣ ਵਾਲਾ ਇਹ ਸ਼ਾਂਤੀ ਮਾਰਚ 31 ਦਸੰਬਰ ਨੂੰ ਸਵੇਰੇ 11 ਵਜੇ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਤੋਂ ਸ਼ੁਰੂ ਹੋਵੇਗਾ, ਜਿਸ ‘ਚ ਪੰਜਾਬ ਪ੍ਰਧਾਨ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਇਸ ਮਾਰਚ ਵਿੱਚ ਸ਼ਾਮਿਲ ਹੋਣ।

Leave a Reply

Your email address will not be published. Required fields are marked *