ਭੁਲੱਥ ਤੋਂ ਮੌਜੂਦਾ ਵਿਧਾਇਕ ਅਤੇ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਆਖਰਕਾਰ ਢਾਈ ਮਹੀਨੇ ਬਾਅਦ ਜੇਲ੍ਹ ਦੀ ਚਾਰਦੀਵਾਰੀ ਚੋਂ ਬਾਹਰ ਨਿਕਲ ਆਏ ਹਨ। ਖਹਿਰਾ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਜੇਲ੍ਹ ਚੋਂ ਬਾਹਰ ਆਉਂਦਿਆਂ ਖਹਿਰਾ ਨੇ ਭਾਵੁਕ ਹੁੰਦੇ ਹੋਏ ਕਿਹਾ ਕਿ ਇੱਕ ਬੇਕਸੂਰ ਨੂੰ ਢਾਈ ਮਹੀਨੇ ਜੇਲ੍ਹ ਵਿੱਚ ਬੰਦ ਰੱਖਿਆ ਗਿਆ ਹੈ।
ਬੀਤੇ ਦਿਨੀਂ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਸੀ। ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਂਦੀਆਂ ਹੀ ਸੁਖਪਾਲ ਖਹਿਰਾ ਨੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ। ਜੇਲ੍ਹ ਤੋਂ ਬਾਹਰ ਨਿਕਲਦਿਆਂ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਬੇਕਸੂਰ ਸੀ ਤੇ ਮੈਨੂੰ ਫਸਾਇਆ ਗਿਆ । ਮੈਨੂੰ ਇਸ ਗੱਲ ਦਾ ਹਮੇਸ਼ਾ ਮਲਾਲ ਰਹੇਗਾ ਕਿ ਬੇਕਸੂਰ ਹੁੰਦਿਆਂ ਵੀ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੇ ਢਾਈ ਮਹੀਨੇ ਜੇਲ੍ਹ ਵਿਚ ਕੱਟਣੇ ਪਏ।