ਚੰਡੀਗੜ੍ਹ ‘ਚ ਏਅਰਪੋਰਟ ਦੇ ਨਵੇਂ ਨਾਮਕਰਨ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਦੌਰਾਨ ਮਾਸਕ ਪਾਉਂਣ ਮਗਰੋਂ ਵਾਇਰਲ ਹੋਈ ਵੀਡੀਓ ਤੋਂ ਬਾਅਦ ਹੁਣ ਸੰਸਦ ਮੈਂਬਰ ਕਿਰਨ ਖੇਰ ਨੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਇੱਕ ਜਨਤਕ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਦੇ ਹੋਏ ਮਾਸਕ ਪਾ ਰਹੇ ਹਨ।
ਖੇਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਇਹ ਮਾਸਕ ਘੱਟ ਇਮਿਊਨਿਟੀ ਕਾਰਨ ਲਗਾਇਆ ਸੀ। ਇਸ ਵੀਡੀਓ ਵਿੱਚ ਭਗਵੰਤ ਮਾਨ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਨਾ ਕੀਤੀ ਜਾਵੇ। ਜੇਕਰ ਕੋਈ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦਾ ਹੈ ਤਾਂ ਸਾਨੂੰ ਉਸ ਦੇ ਅਹੁਦੇ ਦਾ ਸਤਿਕਾਰ ਕਰਨਾ ਚਾਹੀਦਾ ਹੈ। ਦੱਸ ਦੇਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਿਆ ਗਿਆ ਸੀ। ਏਅਰਪੋਰਟ ਦੇ ਨਵੇਂ ਨਾਂ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਵਿੱਚ ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਖੇਰ ਨੇ ਸਟੇਜ ‘ਤੇ ਭਗਵੰਤ ਮਾਨ ਨਾਲ ਗੱਲਬਾਤ ਕਰਦਿਆਂ ਮੂੰਹ ‘ਤੇ ਮਾਸਕ ਪਾ ਲਿਆ ਸੀ। ਇਸ ਮਗਰੋਂ ਸੋਸ਼ਲ ਮੀਡੀਆਂ ਤੇ ਮੁੱਖ ਮੰਤਰੀ ਬਾਰੇ ਕਾਫੀ ਵੀਡਿਓਜ਼ ਵਾਇਰਲ ਹੋ ਰਹੀਆਂ ਸੀ।