[gtranslate]

ਖੇਤੀ ਕਾਨੂੰਨ ਰੱਦ ਹੋਣ ਦੇ ਐਲਾਨ ਤੋਂ ਬਾਅਦ ਅੱਜ ਲਖਨਊ ‘ਚ ਗਰਜਣਗੇ ਕਿਸਾਨ, ਰੈਲੀ ਵਾਲੀ ਥਾਂ ‘ਤੇ ਕਿਸਾਨਾਂ ਦਾ ਵੱਡਾ ਇਕੱਠ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਅੱਜ ਲਖਨਊ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੋ ਰਹੀ ਹੈ। ਇਹ ਮਹਾਪੰਚਾਇਤ ਲਖਨਊ ਦੇ ਈਕੋ ਗਾਰਡਨ ਵਿੱਚ ਸਵੇਰੇ 10 ਵਜੇ ਤੋਂ ਪ੍ਰਸਤਾਵਿਤ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖਨਊ ‘ਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਵੱਡੀ ਗਿਣਤੀ ‘ਚ ਕਿਸਾਨ ਮੌਕੇ ‘ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਕਈ ਕਿਸਾਨ ਆਗੂਆਂ ਨੂੰ ਵੀ ਸਟੇਜ ‘ਤੇ ਦੇਖਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ 6 ਮੰਗਾਂ ਚੁੱਕੀਆਂ ਸਨ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਪੀਐਮ ਮੋਦੀ ਨੂੰ ਲਿਖੇ ਇੱਕ ਖੁੱਲੇ ਪੱਤਰ ਵਿੱਚ ਲਿਖਿਆ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਖਤਮ ਕਰਨਾ ਇਸ ਅੰਦੋਲਨ ਦੀ ਇੱਕੋ ਇੱਕ ਮੰਗ ਨਹੀਂ ਸੀ। ਸਰਕਾਰ ਨਾਲ ਗੱਲਬਾਤ ਕਰਦਿਆਂ ਅਸੀਂ ਸ਼ੁਰੂ ਤੋਂ ਹੀ ਤਿੰਨ ਮੰਗਾਂ ਉਠਾਈਆਂ ਹਨ। ਹਾਲਾਂਕਿ ਇਸ ਪੱਤਰ ਵਿੱਚ ਕਿਸਾਨ ਜਥੇਬੰਦੀਆਂ ਨੇ 3 ਹੋਰ ਮੰਗਾਂ ਸ਼ਾਮਿਲ ਕੀਤੀਆਂ ਹਨ ਅਤੇ ਕੁੱਲ 6 ਮੰਗਾਂ ਨੂੰ ਪੂਰਾ ਕਰਨ ਲਈ ਪੀਐਮ ਮੋਦੀ ਨੂੰ ਪੱਤਰ ਲਿਖਿਆ ਹੈ।

ਕੀ ਹਨ ਕਿਸਾਨਾਂ ਦੀਆਂ 6 ਮੰਗਾਂ ? 1. ਘੱਟੋ-ਘੱਟ ਸਮਰਥਨ ਮੁੱਲ ‘ਤੇ ਇੱਕ ਕਾਨੂੰਨ ਬਣਾਇਆ ਜਾਵੇ, ਤਾਂ ਜੋ ਹਰ ਕਿਸਾਨ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਆਪਣੀ ਫਸਲ ਦੀ ਖਰੀਦ ਦੀ ਗਾਰੰਟੀ ਮਿਲ ਸਕੇ। 2. ਬਿਜਲੀ ਐਕਟ ਸੋਧ ਬਿੱਲ 2020-21 ਦਾ ਖਰੜਾ ਵਾਪਿਸ ਲਿਆ ਜਾਵੇ। (ਗੱਲਬਾਤ ਦੌਰਾਨ, ਸਰਕਾਰ ਨੇ ਇਸ ਬਿੱਲ ਦਾ ਖਰੜਾ ਵਾਪਿਸ ਲੈਣ ਦਾ ਵਾਅਦਾ ਕੀਤਾ ਸੀ।) 3. ਰਾਸ਼ਟਰੀ ਰਾਜਧਾਨੀ ਖੇਤਰ ਅਤੇ ਇਸਦੇ ਨਾਲ ਲੱਗਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਐਕਟ 2021 ਵਿੱਚ ਕਿਸਾਨਾਂ ਨੂੰ ਸਜ਼ਾਵਾਂ ਦੇਣ ਦੀਆਂ ਧਾਰਾਵਾਂ ਨੂੰ ਹਟਾਇਆ ਜਾਵੇ। 4. ਦਿੱਲੀ, ਹਰਿਆਣਾ, ਚੰਡੀਗੜ੍ਹ, ਯੂਪੀ ਅਤੇ ਹੋਰ ਕਈ ਰਾਜਾਂ ਵਿੱਚ ਇਸ ਅੰਦੋਲਨ ਦੌਰਾਨ (ਜੂਨ 2020 ਤੋਂ ਹੁਣ ਤੱਕ) ਹਜ਼ਾਰਾਂ ਕਿਸਾਨ ਸੈਂਕੜੇ ਕੇਸਾਂ ਵਿੱਚ ਫਸ ਚੁੱਕੇ ਹਨ। ਇਹ ਕੇਸ ਵਾਪਿਸ ਲਏ ਜਾਣ। 5. ਲਖੀਮਪੁਰ ਖੇੜੀ ਕਤਲ ਕਾਂਡ ਦੇ ਮਾਸਟਰ ਮਾਈਂਡ ਅਤੇ ਧਾਰਾ 120ਬੀ ਦੇ ਦੋਸ਼ੀ ਅਜੈ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ। 6. ਅੰਦੋਲਨ ਦੌਰਾਨ ਹੁਣ ਤੱਕ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਦੇ ਪਰਿਵਾਰਾਂ ਦੇ ਮੁਆਵਜ਼ੇ ਅਤੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਸ਼ਹੀਦ ਕਿਸਾਨਾਂ ਦੀ ਯਾਦ ਵਿੱਚ ਸ਼ਹੀਦੀ ਯਾਦਗਾਰ ਬਣਾਉਣ ਲਈ ਸਿੰਘੂ ਬਾਰਡਰ ’ਤੇ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇ।

Leave a Reply

Your email address will not be published. Required fields are marked *