ਜ਼ੀਰਾ ਵਿਧਾਨ ਸਭਾ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸੋਮਵਾਰ ਦੇਰ ਸ਼ਾਮ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਬੀਡੀਪੀਓ ਦਫ਼ਤਰ ਵਿੱਚ ਦਾਖ਼ਲ ਹੋ ਕੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਥਾਣਾ ਜੀਰਾ ਪੁਲਿਸ ਨੇ ਕੁਲਬੀਰ ਜ਼ੀਰਾ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇੰਨਾ ਹੀ ਨਹੀਂ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਸੀ। ਕੁਲਬੀਰ ਜ਼ੀਰਾ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ। ਜਦੋਂ ਕਿ ਦੂਜੇ ਕੇਸ ਵਿੱਚ ਜ਼ਮਾਨਤ ਨਹੀਂ ਮਿਲੀ। ਅੱਜ ਕੁਲਬੀਰ ਜ਼ੀਰਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਪੁਲਿਸ ਨੇ ਕੁਲਬੀਰ ਸਿੰਘ ਜੀਰਾ ਖ਼ਿਲਾਫ਼ 12 ਅਕਤੂਬਰ ਨੂੰ ਕੇਸ ਦਰਜ ਕੀਤਾ ਸੀ। ਉਨ੍ਹਾਂ ਨੂੰ ਪੁਲਿਸ ਨੇ 17 ਅਕਤੂਬਰ ਨੂੰ ਸਵੇਰੇ 5 ਵਜੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਕੁਲਬੀਰ ਨੂੰ ਜ਼ੀਰਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਦੀ ਸੈਂਟਰ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਫ਼ਿਰੋਜ਼ਪੁਰ ਵਿੱਚ ਬੰਦ ਅੱਤਵਾਦੀਆਂ ਅਤੇ ਗੈਂਗਸਟਰਾਂ ਤੋਂ ਜਾਨ ਨੂੰ ਖਤਰਾ ਹੋਣ ਕਾਰਨ ਕੁਲਬੀਰ ਨੂੰ ਰੋਪੜ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਕੁਲਬੀਰ ਨੂੰ ਸੋਮਵਾਰ ਦੇਰ ਸ਼ਾਮ ਰੋਪੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।