ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਦੀ ਟੀਮ ਵੈਦ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸੇ ਕੜੀ ‘ਚ ਸੋਮਵਾਰ ਸਵੇਰੇ ਲੁਧਿਆਣਾ ਦੇ ਸਰਾਭਾ ਨਗਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਿਕ ਵੈਦ ਦੀ ਜਾਇਦਾਦ ਦੇ ਕਾਗਜ਼ਾਤ ਅਤੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਵਿਜੀਲੈਂਸ ਟੀਮ ਕੁਲਦੀਪ ਵੈਦ ਦੀ ਸਰਾਭਾ ਨਗਰ ਸਥਿਤ ਰਿਹਾਇਸ਼ ਅਤੇ ਉਸ ਦੇ ਨਾਲ ਬਣੇ ਰੈਸਟੋਰੈਂਟ ਦੀ ਜਾਂਚ ਕਰ ਰਹੀ ਹੈ। ਇਸ ਜਾਇਦਾਦ ਦੀ ਮਿਣਤੀ ਤੋਂ ਇਲਾਵਾ ਸਾਬਕਾ ਵਿਧਾਇਕ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਵੀ ਘਰ ਵਿੱਚ ਹੀ ਬਿਠਾ ਕੇ ਰੱਖਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਕੁਲਦੀਪ ਸਿੰਘ ਵੈਦ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੀ ਗਿੱਲ ਸੀਟ ਤੋਂ ਕਾਂਗਰਸ ਵਿਧਾਇਕ ਚੁਣੇ ਗਏ ਸਨ। ਉਹ ਕੈਪਟਨ ਸਰਕਾਰ ਦੌਰਾਨ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਰਹੇ ਹਨ। ਵਿਜੀਲੈਂਸ ਅਧਿਕਾਰੀ ਪਿਛਲੇ ਕਈ ਮਹੀਨਿਆਂ ਤੋਂ ਵੈਦ ‘ਤੇ ਨਜ਼ਰ ਰੱਖ ਰਹੇ ਸਨ ਅਤੇ ਇੱਕ ਠੋਸ ਸੂਚਨਾ ਤੋਂ ਬਾਅਦ ਸੋਮਵਾਰ ਸਵੇਰੇ ਛਾਪੇਮਾਰੀ ਕੀਤੀ ਗਈ ਹੈ। ਪੰਜਾਬ ਵਿਜੀਲੈਂਸ ਅਧਿਕਾਰੀ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ।