ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਤਿੰਨ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਪੰਜਾਬ-ਹਰਿਆਣਾ ਹਾਈਕੋਰਟ ਦਾ ਹੈ। ਸ਼ਹਿਰ ਵਿੱਚ ਸਾਲ 2025-26 ਲਈ ਸ਼ਰਾਬ ਦੇ ਠੇਕਿਆਂ ਦੀ ਟੈਂਡਰ ਪ੍ਰਕਿਰਿਆ ਨੂੰ ਲੈ ਕੇ ਚੱਲ ਰਹੇ ਵਿਵਾਦ ਸਬੰਧੀ ਦਾਇਰ ਤਿੰਨ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਹੋਰ ਜਵਾਬਦੇਹੀਆਂ ਨੂੰ ਨੋਟਿਸ ਜਾਰੀ ਕੀਤਾ ਹੈ। 3 ਅਪ੍ਰੈਲ ਤੱਕ ਸਥਿੱਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ ਦਿੱਤੇ ਗਏ ਹਨ, ਅਜਿਹੇ ‘ਚ ਹੁਣ ਪੁਰਾਣੇ ਠੇਕੇ 31 ਮਾਰਚ ਨੂੰ ਬੰਦ ਕਰ ਦਿੱਤੇ ਜਾਣਗੇ ਅਤੇ 3 ਅਪ੍ਰੈਲ ਤੱਕ ਨਹੀਂ ਖੋਲ੍ਹੇ ਜਾਣਗੇ।
ਅਦਾਲਤ ਨੇ ਕਿਹਾ ਕਿ ਸ਼ਰਾਬ ਲੋਕਾਂ ਲਈ ਜ਼ਰੂਰੀ ਨਹੀਂ ਹੈ, ਸਪਲਾਈ ਦਾ ਇੰਤਜ਼ਾਰ ਕੀਤਾ ਜਾ ਸਕਦਾ ਹੈ। ਪਟੀਸ਼ਨਰ ਧਿਰ ਦਾ ਕਹਿਣਾ ਹੈ ਕਿ ਇਸ ਟੈਂਡਰ ਤਹਿਤ 97 ਵਿੱਚੋਂ 87 ਦੁਕਾਨਾਂ ਸਿਰਫ਼ ਇੱਕ ਪਰਿਵਾਰ ਅਤੇ ਉਸ ਦੇ ਕਰੀਬੀ ਰਿਸ਼ਤੇਦਾਰਾਂ ਨੂੰ ਦਿੱਤੀਆਂ ਗਈਆਂ ਸਨ, ਜਿਨ੍ਹਾਂ ਨੇ ਵੱਖ-ਵੱਖ ਫਰਮਾਂ, ਰਿਸ਼ਤੇਦਾਰਾਂ ਅਤੇ ਸਹਿਯੋਗੀਆਂ ਦੇ ਨਾਂ ’ਤੇ ਬੋਲੀ ਲਗਾਈ ਸੀ।