ਇਸ ਸਮੇਂ ਇੱਕ ਵੱਡੀ ਖਬਰ ਸ੍ਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਰਿਹਾਅ ਹੋਣ ਤੋਂ ਬਾਅਦ ਲਵਪ੍ਰੀਤ ਸਿੰਘ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਤੂਫਾਨ ਨੇ ਕਿਹਾ ਕਿ ਜੇ ਸਿੱਖਾਂ ਨੇ ਅੱਗੇ ਜਾਣਾ ਹੈ ਕਿ ਤਾਂ ਉਨ੍ਹਾਂ ਨੂੰ ਇਕੱਠਾ ਹੋਣਾ ਪਵੇਗਾ।
ਉੱਥੇ ਹੀ ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਸਤਿੰਦਰ ਸਿੰਘ ਅਨੁਸਾਰ ਅਜਨਾਲਾ ਵਿੱਚ ਹਾਲਾਤ ਕਾਬੂ ਵਿੱਚ ਹਨ। ਦੱਸ ਦੇਈਏ ਵੀਰਵਾਰ ਨੂੰ ਅਜਨਾਲਾ ਵਿੱਚ ਹਾਲਾਤ ਕਾਫੀ ਤਣਾਅ ਵਾਲੇ ਸਨ। ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਅਜਨਾਲਾ ਵਿੱਚ ਥਾਣੇ ਦਾ ਘੇਰਾਓ ਕੀਤਾ ਗਿਆ ਸੀ। ਉਨ੍ਹਾਂ ਦੀ ਮੰਗ ਸੀ ਕਿ ਪੁਲਿਸ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕੀਤਾ ਜਾਵੇ। ਇਸ ਦੇ ਨਾਲ ਹੀ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਪੰਜ ਸਾਥੀਆਂ ਉੱਤੇ ਦਰਜ ਪਰਚਿਆਂ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਗਈ ਸੀ।