ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨਾਲ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਬੈਠੇ ਕਿਸਾਨਾਂ ਦੀ ਸ਼ੁੱਕਰਵਾਰ ਨੂੰ ਮੀਟਿੰਗ ਨਹੀਂ ਹੋ ਸਕੀ। ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਤਾਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ। ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੂੰ 4 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ। ਹੁਣ ਉਗਰਾਹਾ ਨਾਲ ਜੁੜੇ ਕਿਸਾਨਾਂ ਨੇ ਵੀ ਮੀਟਿੰਗ ‘ਚ ਜਾਣ ਤੋਂ ਇਨਕਾਰ ਕਰ ਦਿੱਤਾ। ਮੀਟਿੰਗ ਵਿੱਚ ਸ਼ਾਮਿਲ ਨਾ ਹੋਣ ’ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਗੱਲਬਾਤ ਲਈ ਨਹੀਂ ਜਾਵਾਂਗੇ। ਇਹ ਪਹਿਲਾਂ ਹੀ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਹ ਅਦਾਲਤਾਂ ਦਾ ਮਾਮਲਾ ਨਹੀਂ ਹੈ। ਸਾਡੀ ਮੰਗ ਕੇਂਦਰ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੂੰ ਸਾਡੇ ਨਾਲ ਗੱਲ ਕਰਨੀ ਚਾਹੀਦੀ ਹੈ।
ਦੂਜੇ ਪਾਸੇ ਸ਼ਨੀਵਾਰ ਨੂੰ ਖਨੌਰੀ ‘ਚ ਕਿਸਾਨਾਂ ਦੀ ਵੱਡੀ ਕਿਸਾਨ ਮਹਾਪੰਚਾਇਤ ਹੋਵੇਗੀ। ਇਸ ਵਿੱਚ ਪੰਜਾਬ ਅਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਆਉਣਗੇ। 39 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਮਹਾਪੰਚਾਇਤ ‘ਚ ਕਿਸਾਨਾਂ ਨੂੰ ਸੰਦੇਸ਼ ਦੇਣਗੇ | ਮਹਾਪੰਚਾਇਤ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕਿਹਾ, ਮੇਰੀ ਸਾਰਿਆਂ ਨੂੰ ਬੇਨਤੀ ਹੈ ਕਿ ਮੈਂ ਤੁਹਾਨੂੰ ਸਾਰਿਆਂ ਨੂੰ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਦੇਖਣਾ ਚਾਹੁੰਦਾ ਹਾਂ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਨੇ ਇਸ ਮਾਮਲੇ ਵਿੱਚ ਆਪਣੀ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਹੈ। ਅੰਤਿਮ ਰਿਪੋਰਟ ਆਉਣੀ ਬਾਕੀ ਹੈ।
ਕਿਸਾਨਾਂ ਨੇ ਦਾਅਵਾ ਕੀਤਾ ਕਿ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣ ਵਾਲੀ ਇਸ ਮਹਾਪੰਚਾਇਤ ‘ਚ ਦੇਸ਼ ਭਰ ‘ਚੋਂ 2 ਲੱਖ ਦੇ ਕਰੀਬ ਕਿਸਾਨ ਮੋਰਚੇ ‘ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਡੱਲੇਵਾਲ ਜਾਂ ਦੋਵਾਂ ਫਰੰਟਾਂ ਵਿੱਚੋਂ ਕਿਸੇ ਵੱਲੋਂ ਵੀ ਸੁਪਰੀਮ ਕੋਰਟ ਵਿੱਚ ਕੋਈ ਜਨਹਿੱਤ ਪਟੀਸ਼ਨ ਦਾਇਰ ਨਹੀਂ ਕੀਤੀ ਗਈ। ਇਸ ਦੇ ਨਾਲ ਹੀ ਡਾਕਟਰਾਂ ਨੇ ਦੱਸਿਆ ਕਿ ਜਦੋਂ ਵੀ ਡੱਲੇਵਾਲ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦਾ ਬੀਪੀ ਘੱਟ ਜਾਂਦਾ ਹੈ। ਉਨ੍ਹਾਂ ਨੂੰ ਸਟੇਜ ‘ਤੇ ਲਿਜਾਂਦੇ ਸਮੇਂ ਸਾਰੀਆਂ ਮੈਡੀਕਲ ਸਾਵਧਾਨੀਆਂ ਵਰਤੀਆਂ ਜਾਣਗੀਆਂ।