ਨਸ਼ਾ ਤਸਕਰੀ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਮੰਗਲਵਾਰ ਨੂੰ ਪਹਿਲੀ ਵਾਰ ਮੀਡੀਆ ਸਾਹਮਣੇ ਆਏ। ਇਸ ਦੌਰਾਨ ਉਨ੍ਹਾਂ ਕਾਂਗਰਸ ਉੱਪਰ ਇਲਜ਼ਾਮਾਂ ਦੀ ਝੜੀ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਵਿਧਾਇਕ ਜ਼ੀਰਾ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਮਜੀਠੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ ਦਾ ਫਿਊਜ਼ ਉਡ ਗਿਆ ਹੈ। ਸਿੱਧੂ ਖਿਲਾਫ ਅੰਮ੍ਰਿਤਸਰ ਈਸਟ ਤੋਂ ਚੋਣ ਲੜਨ ਦੇ ਸਵਾਲ ਉਤੇ ਮਜੀਠੀਆ ਨੇ ਕਿਹਾ ਕਿ ਜੇਕਰ ਉਨ੍ਹਾਂ ਦੇ ਸਮਰਥਕ ਕਹਿਣਗੇ ਤਾਂ ਉਹ ਇਸ ਲਈ ਤਿਆਰ ਹਨ।
ਮਜੀਠੀਆ ਨੇ ਕਿਹਾ ਕਿ ਉਹ ਕਿਤੇ ਭੱਜੇ ਨਹੀਂ ਸਨ। ਉਨ੍ਹਾਂ ਕਿਹਾ ਕਿ ਅਜੇ ਤਾਂ ਪਾਰਟੀ ਸ਼ੁਰੂ ਹੋਈ ਹੈ। ਟ੍ਰੇਲਰ ਤੋਂ ਬਾਅਦ ਪੂਰੀ ਫਿਲਮ ਵੀ ਦਿਖਾਵਾਂਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਖਿਲਾਫ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਖਿਲਾਫ ਕਾਰਵਾਈ ਲਈ 4 ਡੀ. ਜੀ. ਪੀ. ਬਦਲੇ ਗਏ। ਬਿਊਰੋ ਆਫ ਇਨਵੈਸਟੀਗੇਸ਼ਨ ਦੇ 3 ਚੀਫ ਬਦਲੇ ਗਏ। ਕਈ ਐੱਸ. ਐੱਸ. ਪੀ. ਬਦਲੇ ਗਏ। ਇਥੋਂ ਤੱਕ ਕਿ ਪੁਲਿਸ ਅਫਸਰਾਂ ਨੂੰ ਕਰੋੜਾਂ ਰੁਪਏ ਦੀ ਆਫਰ ਵੀ ਕੀਤੀ ਗਈ। ਇਸ ਦੇ ਬਾਵਜੂਦ ਕੀ ਅਫਸਰਾਂ ਨੇ ਇਨਕਾਰ ਕਰ ਦਿੱਤਾ।
ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਕਾਨੂੰਨ ਦਾ ਸਤਿਕਾਰ ਕੀਤਾ ਹੈ। ਮੇਰਾ 9 ਸਾਲ ਪਹਿਲਾਂ ਜੋ ਸਟੈਂਡ ਸੀ, ਅੱਜ ਵੀ ਉਹੀ ਹੈ। ਸਰਕਾਰ ਨਾਲ ਲੜਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਕਿਰਪਾ ਕੀਤੀ ਹੈ। ਲੱਖਾਂ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਅਫਸਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਸੱਚ ਦਾ ਸਾਥ ਦਿੰਦੇ ਹੋਏ ਮੇਰੇ ਖਿਲਾਫ ਜਾਣ ਤੋਂ ਇਨਕਾਰ ਕਰ ਦਿੱਤਾ।