ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਦੇ ਕੂੜੇ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਵਿੱਚ ਇਸ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਬਠਿੰਡਾ ਨਗਰ ਨਿਗਮ ਨੇ ਨਵੀਂ ਪਹਿਲਕਦਮੀ ਕਰਦਿਆਂ ਪਲਾਸਟਿਕ ਦੇ ਕੂੜੇ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਬਠਿੰਡਾ ਨਗਰ ਨਿਗਮ ਦੇ ਸਟਾਫ਼ ਵੱਲੋਂ ਸੜਕਾਂ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਸ਼ੁਰੂ ਕਰਨ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਕ ਹੱਲ ਲੱਭਿਆ ਗਿਆ ਹੈ ਅਤੇ ਇਸ ਨਾਲ ਲਾਗਤ ਵੀ ਘਟਦੀ ਹੈ।
ਉਨ੍ਹਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ 8 ਫੀਸਦੀ ਪਲਾਸਟਿਕ ਦੀ ਰਹਿੰਦ-ਖੂੰਹਦ ਨੂੰ ਬਿਟੂਮੇਨ ਵਿੱਚ ਪਾ ਕੇ ਸੜਕ ਬਣਾਈ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ਲਈ ਪਲਾਸਟਿਕ ਦੀ ਵਰਤੋਂ ਕਰਨ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਵਾਤਾਵਰਣ ਸ਼ੁੱਧ ਅਤੇ ਪ੍ਰਦੂਸ਼ਣ ਮੁਕਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਸੜਕਾਂ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦੀਆਂ ਬਣ ਜਾਣਗੀਆਂ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦਾ ਖਰਚਾ ਵੀ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਫੌਰੀ ਨਤੀਜੇ ਤਸੱਲੀਬਖਸ਼ ਹਨ। ਜਲਦੀ ਹੀ ਹੋਰ ਕਮੇਟੀਆਂ/ਕਾਰਪੋਰੇਸ਼ਨਾਂ ਸੜਕਾਂ ਦੇ ਨਿਰਮਾਣ ਲਈ ਪਲਾਸਟਿਕ ਦੀ ਵਰਤੋਂ ਕਰਨਗੀਆਂ।