ਮੁਕਤਸਰ ਦੇ ਪਿੰਡ ਧੌਲਾ ਵਿੱਚ ਇੱਕ ਵਿਅਕਤੀ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੇ ਪੁੱਤਰ ਨੂੰ ਗੋਲੀ ਮਾਰ ਦਿੱਤੀ। ਮੁਲਜ਼ਮ ਨੂੰ ਸ਼ੱਕ ਸੀ ਕਿ ਉਸ ਦਾ ਲੜਕਾ ਨਾਜਾਇਜ਼ ਹੈ। ਪੁਲਿਸ ਨੇ ਮੁਲਜ਼ਮ ਪਿਤਾ ਅਤੇ ਚਾਚੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਲੰਬੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੌਲਾ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਨੂੰ ਪਰਿਵਾਰ ਵਾਲਿਆਂ ਨੇ ਜ਼ਖਮੀ ਹਾਲਤ ‘ਚ ਪਹਿਲਾਂ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਕਰਵਾਇਆ। ਉਥੋਂ ਡਾਕਟਰਾਂ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਏਮਜ਼ ਬਠਿੰਡਾ ਰੈਫਰ ਕਰ ਦਿੱਤਾ। ਉਸ ਦਾ ਬਠਿੰਡਾ ਏਮਜ਼ ਵਿਖੇ ਇਲਾਜ ਚੱਲ ਰਿਹਾ ਸੀ ਪਰ ਸ਼ੁੱਕਰਵਾਰ ਦੇਰ ਸ਼ਾਮ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਪਰਿਵਾਰ ਪਹਿਲਾਂ ਗੋਲੀਬਾਰੀ ਨੂੰ ਹਾਦਸਾ ਦੱਸ ਰਿਹਾ ਸੀ। ਪਰ ਬਾਅਦ ਵਿੱਚ ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਤੋਂ ਵੱਖਰਾ ਹੀ ਮਾਮਲਾ ਸਾਹਮਣੇ ਆਇਆ। ਮਾਂ ਅਨੁਸਾਰ ਉਸ ਦੇ ਪਤੀ ਨੂੰ ਸ਼ੱਕ ਸੀ ਕਿ ਉਨ੍ਹਾਂ ਦਾ ਲੜਕਾ ਨਾਜਾਇਜ਼ ਔਲਾਦ ਹੈ। ਇਸੇ ਸ਼ੱਕ ਦੇ ਚੱਲਦਿਆਂ ਵੀਰਵਾਰ ਨੂੰ ਉਸ ਨੇ ਆਪਣੇ ਭਰਾ ਦੇ ਲਾਇਸੈਂਸੀ ਰਿਵਾਲਵਰ ਨਾਲ ਪੁੱਤ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਂ ਨੇ ਆਪਣੇ ਪਤੀ ਅਤੇ ਉਸ ਦੇ ਭਰਾ ‘ਤੇ ਆਪਣੇ ਪੁੱਤਰ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਲੰਬੀ ਪੁਲਿਸ ਨੇ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਪਿਤਾ ਅਤੇ ਚਾਚੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ 10 ਦਸੰਬਰ ਨੂੰ ਕੈਨੇਡਾ ਜਾਣਾ ਸੀ।