ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਲੋਕਾਂ ਨਾਮ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਲੋਕ ਉਨ੍ਹਾਂ ਦੇ ਚੰਗੇ ਕੰਮਾਂ ਨੂੰ ਯਾਦ ਕਰਦੇ ਹਨ। ਉਨ੍ਹਾਂ (ਭਾਜਪਾ) ਨੇ ਪੀਐੱਮ ਮੋਦੀ ਦੀ ਸੁਰੱਖਿਆ ਦਾ ਮੁੱਦਾ ਚੁੱਕ ਕੇ ਮੁੱਖ ਮੰਤਰੀ ਅਤੇ ਪੰਜਾਬ ਦੇ ਲੋਕਾਂ ਦਾ ਅਪਮਾਨ ਕੀਤਾ ਹੈ। ਜੇਕਰ ਅੱਜ ਤੁਸੀਂ ਦੇਖੋਗੇ ਤਾਂ ਪਤਾ ਲੱਗੇਗਾ ਕਿ ਅਮੀਰ ਹੋਰ ਅਮੀਰ ਹੋ ਰਹੇ ਹਨ। ਉੱਥੇ ਹੀ ਗਰੀਬ ਹੋਰ ਗਰੀਬ ਹੁੰਦਾ ਜਾ ਰਿਹਾ ਹੈ। ਮਨਮੋਹਨ ਸਿੰਘ ਨੇ ਪੰਜਾਬੀ ਵਿੱਚ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਅੱਜ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਸਰਕਾਰ ਦੀਆਂ ਨੀਤੀਆਂ ਕਾਰਨ ਕਰੋਨਾ ਦੇ ਦੌਰ ਵਿੱਚ ਮਹਿੰਗਾਈ, ਬੇਰੁਜ਼ਗਾਰੀ ਵੱਧ ਰਹੀ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਮੌਜੂਦਾ ਪ੍ਰਧਾਨ ਮੰਤਰੀ (ਮੋਦੀ) ਆਪਣੀਆਂ ਗਲਤੀਆਂ ਨੂੰ ਸੁਧਾਰਨ ਦੀ ਬਜਾਏ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨਹਿਰੂ ‘ਤੇ ਦੋਸ਼ ਮੜ੍ਹਦੇ ਰਹਿੰਦੇ ਹਨ।
ਮਨਮੋਹਨ ਸਿੰਘ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਆਪਣਾ ਚਿਹਰਾ ਬਦਲਣ ਨਾਲ ਸਥਿਤੀ ਨਹੀਂ ਬਦਲਦੀ, ਜੋ ਵੀ ਸੱਚ ਹੈ, ਉਹ ਹਮੇਸ਼ਾ ਕਿਸੇ ਨਾ ਕਿਸੇ ਰੂਪ ਵਿੱਚ ਸਾਹਮਣੇ ਆਉਂਦਾ ਹੈ! ਵੱਡੀਆਂ-ਵੱਡੀਆਂ ਗੱਲਾਂ ਕਰਨੀਆਂ ਸੌਖੀਆਂ ਹਨ ਪਰ ਅਮਲ ਕਰਨਾ ਬਹੁਤ ਔਖਾ ਹੈ। ਮਨਮੋਹਨ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਵਿਸ਼ੇਸ਼ ਸ਼ਾਨ ਹੈ, ਅਜਿਹੇ ‘ਚ ਇਤਿਹਾਸ ‘ਤੇ ਦੋਸ਼ ਲਗਾ ਕੇ ਆਪਣੀਆਂ ਕਮੀਆਂ ਨੂੰ ਘੱਟ ਨਹੀਂ ਕੀਤਾ ਜਾ ਸਕਦਾ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਖੁਦ ਜ਼ਿਆਦਾ ਬੋਲਣ ਦੀ ਬਜਾਏ ਕੰਮ ਨੂੰ ਤਰਜ਼ੀਹ ਦੇਣਾ ਪਸੰਦ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸਿਆਸੀ ਲਾਹੇ ਲਈ ਕਦੇ ਵੀ ਸੱਚਾਈ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਦੇਸ਼ ਦੇ ਮਾਣ ਅਤੇ ਅਹੁਦੇ (PM) ਨੂੰ ਕਦੇ ਵੀ ਘੱਟ ਨਾ ਹੋਣ ਦਿਓ।
ਸਾਬਕਾ ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇਸ ਸਰਕਾਰ ਦਾ ਫਰਜ਼ੀ ਰਾਸ਼ਟਰਵਾਦ ਜਿੰਨਾ ਖੋਖਲਾ ਹੈ, ਓਨਾ ਹੀ ਖਤਰਨਾਕ ਹੈ। ਉਨ੍ਹਾਂ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਪਾੜੋ ਅਤੇ ਰਾਜ ਕਰੋ ਦੀ ਨੀਤੀ ‘ਤੇ ਟਿਕਿਆ ਹੋਇਆ ਹੈ। ਸੰਵਿਧਾਨਕ ਸੰਸਥਾਵਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈ। ਵਿਦੇਸ਼ ਨੀਤੀ ਦੇ ਮੋਰਚੇ ‘ਤੇ ਵੀ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਮਨਮੋਹਨ ਸਿੰਘ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਨਾਂ ‘ਤੇ ਭਾਜਪਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਲੋਕਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਨੂੰ ਕਿਸੇ ਵੀ ਪੱਖੋਂ ਸਹੀ ਅਮਲ ਨਹੀਂ ਮੰਨਿਆ ਜਾ ਸਕਦਾ। ਇਸੇ ਤਰ੍ਹਾਂ ਅਸੀਂ ਇਹ ਵੀ ਦੇਖਿਆ ਕਿ ਕਿਸਾਨ ਅੰਦੋਲਨ ਦੌਰਾਨ ਵੀ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਪੰਜਾਬੀਆਂ ਬਾਰੇ ਕੀ ਕਿਹਾ ਗਿਆ ਜਿਨ੍ਹਾਂ ਦੀ ਦਲੇਰੀ, ਬਹਾਦਰੀ, ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਪੂਰੀ ਦੁਨੀਆ ਸਲਾਮ ਕਰਦੀ ਹੈ। ਪੰਜਾਬ ਦੀ ਬਹਾਦਰ ਧਰਤੀ ਤੋਂ ਪੈਦਾ ਹੋਏ ਇੱਕ ਸੱਚੇ ਭਾਰਤੀ ਹੋਣ ਦੇ ਨਾਤੇ, ਮੈਂ ਇਸ ਸਾਰੀ ਘਟਨਾ ਤੋਂ ਦੁਖੀ ਹਾਂ।