ਬੁੱਧਵਾਰ ਨੂੰ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਹਾਲਾਂਕਿ ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ। ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਨੂੰ 1 ਸਾਲ ਤੋਂ ਜਿਆਦਾ ਸਮਾਂ ਹੋ ਗਿਆ ਹੈ।
ਇਸ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ MSP ਸਣੇ ਕੁੱਝ ਮੰਗਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਉੱਥੇ ਹੀ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਾ ਰਹੀ ਹੈ।