ਮੇਘਾਲਿਆ ‘ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਕਾਂਗਰਸ ਦੇ 18 ‘ਚੋਂ 12 ਵਿਧਾਇਕ ਹੁਣ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ‘ਚ ਸ਼ਾਮਿਲ ਹੋ ਗਏ ਹਨ। ਇਸ ਨੂੰ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜੋ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਏ ਹਨ। ਇਨ੍ਹਾਂ ਵਿੱਚ ਮੇਘਾਲਿਆ ਦੇ ਸਾਬਕਾ ਮੁੱਖ ਮੰਤਰੀ ਮੁਕੁਲ ਸੰਗਮਾ ਵੀ ਸ਼ਾਮਿਲ ਹਨ। ਉਨ੍ਹਾਂ ਨੂੰ ਸੂਬੇ ਵਿੱਚ ਪਾਰਟੀ ਦਾ ਇੱਕ ਅਨੁਭਵੀ ਨੇਤਾ ਮੰਨਿਆ ਜਾਂਦਾ ਹੈ। ਦਰਅਸਲ, ਮੁਕੁਲ ਸੰਗਮਾ ਨੇ ਸਤੰਬਰ ਵਿੱਚ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਇਹ ਮੁਲਾਕਾਤ ਕਦੋਂ ਹੋਈ, ਦੋਵਾਂ ਧਿਰਾਂ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।
ਹਾਲਾਂਕਿ ਸੰਗਮਾ ਨੇ ਇਹ ਜ਼ਰੂਰ ਕਿਹਾ ਸੀ ਕਿ ਉਹ ਮਿਲੇ ਸਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਕੁਲ ਸੰਗਮਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵਿੰਸੇਂਟ ਪਾਲਾ ਤੋਂ ਕਾਫੀ ਨਾਰਾਜ਼ ਸਨ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਲਗਾਤਾਰ ਪਾਰਟੀ ਦਾ ਵਿਸਥਾਰ ਕਰ ਰਹੀ ਹੈ। ਇਸ ਦੌਰਾਨ ਪਿਛਲੇ ਕੁੱਝ ਮਹੀਨਿਆਂ ਦੌਰਾਨ ਕਈ ਕਾਂਗਰਸੀ ਆਗੂ ਟੀਐਮਸੀ ਦਾ ਪੱਲਾ ਫੜ ਚੁੱਕੇ ਹਨ। ਕਾਂਗਰਸ ਦੇ ਦਿੱਗਜ ਅਤੇ ਮੰਨੇ-ਪ੍ਰਮੰਨੇ ਚਿਹਰਿਆਂ ਦਾ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।