ਮੌਸਮ ਵਿਭਾਗ ਨੇ ਪੰਜਾਬ ਵਿੱਚ ਦੋ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਸੂਬੇ ‘ਚ ਕੁੱਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ (17 ਮਈ) ਨੂੰ ਮੀਂਹ, ਤੇਜ਼ ਗਰਜ ਅਤੇ ਬਿਜਲੀ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ। ਹਾਲਾਂਕਿ 18 ਮਈ ਨੂੰ ਕੁਝ ਥਾਵਾਂ ‘ਤੇ ਮੀਂਹ ਪਏਗਾ। ਇਸ ਤੋਂ ਬਾਅਦ 19 ਮਈ ਤੋਂ ਮੌਸਮ ਖੁਸ਼ਕ ਹੋ ਜਾਵੇਗਾ।
ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਪਾਰੇ ਵਿੱਚ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ 2.5 ਡਿਗਰੀ ਵੱਧ ਸੀ। ਸਮਰਾਲਾ 43.2 ਡਿਗਰੀ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਪੰਜਾਬ ਦੇ ਹੋਰ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 40.5 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੀ 40.5, ਪਟਿਆਲਾ 41.2, ਪਠਾਨਕੋਟ 41.0, ਬਰਨਾਲਾ 41.3, ਜਲੰਧਰ 39.9 ਅਤੇ ਰੋਪੜ ਦਾ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।