ਜਲੰਧਰ ਸ਼ਹਿਰ ਦੇ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਧਮਕੀਆਂ ਮਿਲੀਆਂ ਹਨ। ਵਿਧਾਇਕ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਧਮਕੀ ਭਾਜਪਾ ਤੋਂ ਮਿਲੀ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਸਮਰਥਨ ਕਰਨ, ਨਹੀਂ ਤਾਂ ਚੰਗਾ ਨਹੀਂ ਹੋਵੇਗਾ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਹੈ ਕਿ ਭਾਜਪਾ ਕਿਸੇ ਵੇਲੇ ਵੀ ਹਮਲਾ ਕਰਵਾ ਸਕਦੀ ਹੈ। ਭਾਜਪਾ ਆਗੂ ਗੁੱਸੇ ਵਿੱਚ ਇਹ ਸਭ ਕਰਵਾ ਰਹੇ ਹਨ। ਆਪ MLA ਸ਼ੀਤਲ ਅੰਗੁਰਾਲ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ ਤੋਂ ਮੈਨੂੰ ਧਮਕੀਆਂ ਮਿਲੀਆਂ ਹਨ।ਮੇਰੀ ਤੇ ਮੇਰੇ ਪਰਿਵਾਰ ਦੀ ਜਾਨ ਖ਼ਤਰੇ ‘ਚ ਹੈ।
ਦੱਸ ਦਈਏ ਕਿ ਬੀਤੇ ਦਿਨ ਹੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਜਲੰਧਰ ਪੱਛਮੀ ਖੇਤਰ ‘ਚ ਭਾਜਪਾ ਦੀ ਸਫਾਈ ਕਰਕੇ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਵਿਧਾਇਕ ਦੇ ਕਹਿਣ ’ਤੇ ਭਾਜਪਾ ਦੇ 4 ਕੌਂਸਲਰਾਂ ਸਮੇਤ ਮੰਡਲਾਂ ਦੇ ਪ੍ਰਧਾਨ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। ਭਾਵੇਂ ਭਾਜਪਾ ਆਗੂਆਂ ਨੇ ਸਾਰਿਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਸਾਰਿਆਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਵਾਪਿਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ।
ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਸੂਬੇ ਦੇ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਵੀ ਭਾਜਪਾ ‘ਤੇ ਦੋਸ਼ ਲਾਇਆ ਹੈ ਕਿ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਤੋੜਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਉਹ ਨਾ ਮੰਨੇ ਅਤੇ ਉਨ੍ਹਾਂ ਦੇ ਕਹਿਣ ‘ਤੇ ਭਾਜਪਾ ਆਗੂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਤਾਂ ਹੁਣ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।