ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਸ਼ਨੀਵਾਰ ਸਵੇਰੇ ਹੀ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ।
ਫਿਲਹਾਲ ਪੁਲਿਸ ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਹ ਈਮੇਲ ਰਾਹੀਂ ਭੇਜੀ ਗਈ ਹੈ। ਇਸ ਮਾਮਲੇ ਮਗਰੋਂ ਪੰਜਾਬ ਅਤੇ ਦਿੱਲੀ ਪੁਲਿਸ ਦਾ ਕ੍ਰਾਈਮ ਸੈੱਲ ਦੋਵੇਂ ਸਰਗਰਮ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਿਕ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਈ-ਮੇਲ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਲਮਾਨ ਖਾਨ ਦਾ ਨਾਂ ਵੀ ਹੈ। ਇਸ ਈ-ਮੇਲ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਇੱਕ ਸਲਾਹ ਦਿੱਤੀ ਗਈ ਹੈ। ਉਸ ਨੂੰ ਵਾਰ-ਵਾਰ ਲਾਰੈਂਸ ਦੇ ਨਾਂ ਦਾ ਜ਼ਿਕਰ ਨਾ ਕਰਨ ਲਈ ਕਿਹਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਈ-ਮੇਲ ਤੋਂ ਬਾਅਦ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਨੇ ਮਿਲ ਕੇ ਰਾਜਸਥਾਨ ਵਿੱਚ ਛਾਪੇਮਾਰੀ ਕੀਤੀ ਹੈ। ਸਾਈਬਰ ਸੈੱਲ ਇਸ ਈ-ਮੇਲ ਦੇ ਆਈਪੀ ਐਡਰੈੱਸ ਦੇ ਆਧਾਰ ‘ਤੇ ਕਾਰਵਾਈ ਕਰ ਰਿਹਾ ਹੈ। ਜਾਣਕਾਰੀ ਹੈ ਕਿ ਪੁਲਿਸ ਵੱਲੋਂ ਕੁੱਝ ਨਾਬਾਲਗਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।