ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ। ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇਸ ਵਿੱਚ ਉਨ੍ਹਾਂ ਦਾ ਆਪਣਾ ਹਲਕਾ ਪਟਿਆਲਾ ਵੀ ਸ਼ਾਮਿਲ ਹੈ ਅਤੇ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ।
ਪਟਿਆਲਾ ਲੋਕ ਸਭਾ ਹਲਕੇ ਦੇ ਕਰੀਬ 500 ਪਿੰਡ ਤਬਾਹ ਹੋ ਚੁੱਕੇ ਹਨ ਅਤੇ 1.25 ਲੱਖ ਏਕੜ ਜ਼ਮੀਨ ਅਜੇ ਵੀ ਡੁੱਬੀ ਹੋਈ ਹੈ। ਪਰਨੀਤ ਨੇ ਅੱਗੇ ਲਿਖਿਆ ਕਿ ਸੌਣੀ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ। ਘੱਗਰ ਦਰਿਆ ਦੀ ਰੇਤ ਅਤੇ ਗਾਦ ਖੇਤਾਂ ਵਿੱਚ ਜਮ੍ਹਾਂ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਝੋਨੇ ਅਤੇ ਹੋਰ ਫ਼ਸਲਾਂ ਦੀ ਦੁਬਾਰਾ ਬਿਜਾਈ ਕਰਨੀ ਔਖੀ ਹੈ। ਇਨ੍ਹਾਂ ਖੇਤਾਂ ਨੂੰ ਪਹਿਲਾਂ ਵਾਂਗ ਬਣਾਉਣ ਲਈ ਬਹੁਤ ਮਿਹਨਤ ਅਤੇ ਪੈਸਾ ਲੱਗੇਗਾ। ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਨੇ ਇਨ੍ਹਾਂ ਲੋਕਾਂ ਦੀ ਨਿਰਾਸ਼ਾ ਨੂੰ ਹੋਰ ਵਧਾ ਦਿੱਤਾ ਹੈ।
ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਸਿੱਧੀ ਯਕਮੁਸ਼ਤ ਸਹਾਇਤਾ ਰਾਸ਼ੀ ਦਿੱਤੀ ਜਾਵੇ। ਪ੍ਰਨੀਤ ਨੇ ਕਿਹਾ ਕਿ ਇਹ ਰਕਮ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਰਾਹੀਂ ਜਾਰੀ ਕੀਤੀ ਜਾ ਸਕਦੀ ਹੈ। ਪਰਨੀਤ ਨੇ ਪ੍ਰਧਾਨ ਮੰਤਰੀ ਨੂੰ ਖੇਤ ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵਿਸ਼ੇਸ਼ ਪੈਕੇਜ ਦੀ ਅਪੀਲ ਕੀਤੀ। ਉਨ੍ਹਾਂ ਨੇ ਪੱਤਰ ਵਿੱਚ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਹੜ੍ਹ ਨਾਲ ਲੋਕਾਂ ਦੇ ਘਰ ਅਤੇ ਸਮਾਨ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਪ੍ਰਨੀਤ ਕੌਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹੈ।