ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਸਪੈਂਸ ਬਰਕਰਾਰ ਹੈ। ਹੁਣ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਨਵਜੋਤ ਸਿੱਧੂ ਇੱਕ ਖੌਫਨਾਕ ਜਾਨਵਰ ਦੀ ਸ਼੍ਰੇਣੀ ‘ਚ ਆਉਂਦਾ ਹੈ। ਇਸੇ ਕਰਕੇ ਉਨ੍ਹਾਂ ਨੂੰ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ ਰਿਹਾਈ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਸਾਰਿਆਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਬੇਨਤੀ ਕੀਤੀ ਜਾਂਦੀ ਹੈ।
ਸੂਤਰਾਂ ਮੁਤਾਬਿਕ ਸਿੱਧੂ ਸਮੇਤ ਹੋਰ ਕੈਦੀਆਂ ਦੀ ਰਿਹਾਈ ਲਈ ਕੈਬਨਿਟ ਮੀਟਿੰਗ ਹੋਣੀ ਸੀ ਪਰ ਇਹ ਮੀਟਿੰਗ ਨਹੀਂ ਹੋਈ। ਇਸ ਦੇ ਨਾਲ ਹੀ ਇਹ ਵੀ ਚਰਚਾ ਹੈ ਕਿ ਜੇਕਰ ਸਿੱਧੂ ਨੂੰ 1 ਸਾਲ ਦੀ ਸਜ਼ਾ ਹੋਈ ਹੈ ਤਾਂ ਉਨ੍ਹਾਂ ਦੀ ਵੱਧ ਤੋਂ ਵੱਧ 1 ਮਹੀਨੇ ਦੀ ਸਜ਼ਾ ਮੁਆਫ਼ ਹੋ ਸਕਦੀ ਹੈ ਪਰ ਹੁਣ ਉਹ ਇਸ ਦਾਇਰੇ ‘ਚ ਨਹੀਂ ਆ ਰਹੇ। ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਉਸ ਸਮੇਂ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟਸ ਤੋਂ ਰੂਟ ਮੈਪ ਸ਼ੇਅਰ ਕੀਤਾ ਗਿਆ। ਜਿਸ ‘ਚ ਕਿਹਾ ਗਿਆ ਸੀ ਕਿ ਸਿੱਧੂ ਪਟਿਆਲਾ ਸੈਂਟਰਲ ਜੇਲ ਛੱਡ ਕੇ ਕੁਝ ਥਾਵਾਂ ‘ਤੇ ਰੁਕਣਗੇ। ਜਿੱਥੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਸਮਰਥਕਾਂ ਨੂੰ ਵੀ ਉਥੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਸੀ।
— DR NAVJOT SIDHU (@DrDrnavjotsidhu) January 25, 2023