34 ਸਾਲ ਪੁਰਾਣੇ ਰੋਡ ਰੇਜ ਮਾਮਲੇ ‘ਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਸਕਦੀ ਹੈ। ਉਨ੍ਹਾਂ ਦੇ ਚੰਗੇ ਆਚਰਣ ਕਾਰਨ ਸਰਕਾਰ ਸਿੱਧੂ ਨੂੰ 26 ਜਨਵਰੀ 2023 ਨੂੰ ਰਿਹਾਅ ਕਰ ਸਕਦੀ ਹੈ। ਹਾਲਾਂਕਿ ਇਸ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ ਪਰ ਕੁੱਝ ਦਿਨ ਪਹਿਲਾਂ ਪਟਿਆਲਾ ਜੇਲ੍ਹ ‘ਚ ਸਿੱਧੂ ਨੂੰ ਮਿਲਣ ਗਏ ਰਾਜ ਦੇ ਸੀਨੀਅਰ ਆਗੂਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਲਈ ਇੱਕ ਦਰਜਨ ਸੀਨੀਅਰ ਕਾਂਗਰਸੀ ਆਗੂ ਜੇਲ੍ਹ ਪੁੱਜੇ ਸਨ। ਮੁਲਾਕਤ ਤੋਂ ਬਾਅਦ ਵਾਪਿਸ ਪਰਤੇ ਇੱਕ ਸੀਨੀਅਰ ਆਗੂ ਨੇ ਦੱਸਿਆ ਕਿ ਉਨ੍ਹਾਂ ਦੇ ਚੰਗੇ ਆਚਰਣ ਕਾਰਨ ਉਨ੍ਹਾਂ ਨੂੰ 26 ਜਨਵਰੀ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਉਹ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜਿੱਥੇ ਉਹ ਆਪਣੀ ਬੈਰਕ ਵਿੱਚ ਬੈਠ ਕੇ ਕਲਰਕ ਦਾ ਕੰਮ ਵੀ ਕਰ ਰਹੇ ਹਨ।