ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ CLU (ਚੇਂਜ ਲੈਂਡ ਆਫ ਯੂਜ਼) ਘੁਟਾਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ੁੱਕਰਵਾਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਸਿੱਧੂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਬਿਆਨ ਦਰਜ ਕਰਵਾਉਣਾ ਸੀ। ਨਵਜੋਤ ਸਿੱਧੂ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 4 ਨਵੰਬਰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ 21 ਅਕਤੂਬਰ ਨੂੰ ਉਨ੍ਹਾਂ ਦੀ ਪੇਸ਼ੀ ਲੁਧਿਆਣਾ ‘ਚ ਸੀ ਪਰ ਮੈਡੀਕਲ ਅਨਫਿੱਟ ਹੋਣ ਕਾਰਨ ਉਨ੍ਹਾਂ ਦੀ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ। ਹਾਈਕੋਰਟ ਤੋਂ ਸਿੱਧੂ ਨੂੰ ਰਾਹਤ ਮਿਲੀ ਸੀ ਕਿ ਉਹ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦੇ ਸਕਦੇ ਹਨ, ਪਰ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੇ ਅਦਾਲਤ ਦੇ ਹੁਕਮਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਜਿਸ ‘ਤੇ ਹੁਣ ਅਗਲੇ ਮਹੀਨੇ ਦੀ ਤਰੀਕ ਤੈਅ ਕੀਤੀ ਗਈ ਸੀ।
ਦੱਸ ਦੇਈਏ ਕਿ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਸੀ। ਉਨ੍ਹਾਂ ਨੇ ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ 21 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ ਪੰਜਾਬ ਸਰਕਾਰ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੁਰੱਖਿਆ ਦਾ ਵਾਅਦਾ ਕਰਨ ਲਈ ਕਿਹਾ ਸੀ।