ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲੀ ਵਾਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਰੱਖੀ ਹੈ। ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ BJP ਸਣੇ ਬਾਦਲਾਂ ‘ਤੇ ਵੱਡਾ ਹਮਲਾ ਬੋਲਿਆ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਵੀ ਮੌਜੂਦ ਸਨ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੀ ਨੀਂਹ ਬਾਦਲਾਂ ਨੇ ਰੱਖੀ ਸੀ ਅਤੇ ਇਹਨਾਂ ਦੇ ਬਲੂਪ੍ਰਿੰਟ ਤੋਂ ਸੇਧ ਲੈ ਕੇ ਇਹ ਕਾਨੂੰਨ ਬਣਾਏ ਗਏ ਹਨ। ਸਿੱਧੂ ਨੇ ਕਿਹਾ ਕਿ ਇੰਨ੍ਹਾਂ ਖੇਤੀ ਕਾਨੂੰਨਾਂ ਦੇ ਬੀਜ ਬਾਦਲਾਂ ਨੇ ਹੀ ਬੀਜੇ ਸਨ।
ਸਿੱਧੂ ਨੇ ਕਿਹਾ ਕਿ ਕਾਲੇ ਕਾਨੂੰਨਾਂ ਦਾ ਇਹ ਸੁਝਾਅ ਬਾਦਲਾਂ ਦਾ ਹੀ ਸੀ ਅਤੇ ਇਹੀ ਕੇਂਦਰ ਕੋਲ ਪ੍ਰਸਤਾਵ ਲੈ ਕੇ ਗਏ ਸਨ। ਸਿੱਧੂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ 2013 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਅਜਿਹਾ ਕੰਟਰੈਕਟ ਫਾਰਮਿੰਗ ਕਾਨੂੰਨ ਲੈ ਕੇ ਆਏ ਸਨ। ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਬਾਦਲ ਸਰਕਾਰ ਨੇ ਕਿਸਾਨਾਂ ਵਿਰੁੱਧ 2013 ‘ਚ ਜਿਹੜੇ ਕਾਨੂੰਨ ਲਿਆਂਦੇ ਸਨ ਇਨ੍ਹਾਂ ਤੋਂ ਹੀ ਸੇਧ ਲੈ ਕੇ ਕੇਂਦਰ ਸਰਕਾਰ ਨੇ ਤਿੰਨ ਕਾਲੇ ਕਾਨੂੰਨ ਬਣਾਏ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਵਿੱਚ ਕਿਸਾਨਾਂ ਤੋਂ ਅਦਾਲਤ ਜਾਣ ਦਾ ਹੱਕ ਵੀ ਖੋਹ ਲਿਆ ਗਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਆਰੋਪ ਲਗਾਇਆ ਕਿ ਖੇਤੀ ਕਾਨੂੰਨਾਂ ਜ਼ਰੀਏ ਕਿਸਾਨਾਂ ਨੂੰ ਗੁਲਾਮ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਸਿੱਧੂ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਸੰਦੇਸ਼ ਜ਼ਰੀਏ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਖੁੱਲ੍ਹੇਆਮ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬਿਆਨ ਦਿੱਤੇ ਸਨ। ਸਰਬ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਨੇ ਵੀ ਆਰਡੀਨੈਂਸਾਂ ਦਾ ਸਮਰਥਨ ਕੀਤਾ ਸੀ। ਪਰ ਵਿਰੋਧ ਹੋਣ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦਿੱਤਾ ਅਤੇ ਭਾਜਪਾ ਨਾਲੋਂ ਗਠਜੋੜ ਤੋੜਿਆ