ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ 10 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆ ਗਏ ਹਨ। ਪਿਛਲੇ ਸਾਲ 19 ਮਈ ਨੂੰ ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਪਰ ਨਵਜੋਤ ਸਿੰਘ ਸਿੱਧੂ ਆਪਣੇ ਚੰਗੇ ਵਤੀਰੇ ਕਾਰਨ ਦੋ ਮਹੀਨੇ ਪਹਿਲਾਂ ਹੀ ਰਿਹਾਅ ਹੋ ਗਏ ਹਨ। ਸਿੱਧੂ ਨੇ ਪਟਿਆਲਾ ਜੇਲ੍ਹ ਤੋਂ ਬਾਹਰ ਆਉਂਦੇ ਹੀ ਮੀਡੀਆ ਨਾਲ ਗੱਲਬਾਤ ਕੀਤੀ। ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਕਈ ਕਾਂਗਰਸੀ ਵਰਕਰ ਪਟਿਆਲਾ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ। ਸਿੱਧੂ ਦਾ ਪਟਿਆਲਾ ਜੇਲ੍ਹ ਦੇ ਬਾਹਰ ਢੋਲ ਵਜਾ ਕੇ ਸਵਾਗਤ ਵੀ ਕੀਤਾ ਗਿਆ ਹੈ।
ਜੇਲ੍ਹ ਤੋਂ ਬਾਹਰ ਆਉਂਦੇ ਹੀ ਕਾਂਗਰਸੀ ਆਗੂ ਸਿੱਧੂ ਨੇ ਸੂਬਾ ਸਰਕਾਰ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ, ਲੋਕਤੰਤਰ ਨਾਂ ਦੀ ਕੋਈ ਚੀਜ਼ ਨਹੀਂ ਬਚੀ। ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਿਆਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਧੂ ਨੇ ਸਰਕਾਰ ਨੂੰ ਚੁਣੌਤੀ ਦਿੱਤੀ ਕਿ ਜੇਕਰ ਤੁਸੀਂ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤੁਸੀਂ ਖੁਦ ਕਮਜ਼ੋਰ ਹੋ ਜਾਓਗੇ।