ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸ ਦੇਈਏ ਕਿ ਇਸ ਮਾਮਲੇ ‘ਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਅਦਾਲਤ ਨੇ 4 ਸਾਲ ਪਹਿਲਾਂ ਦਿੱਤਾ ਆਪਣਾ ਫੈਸਲਾ ਬਦਲ ਲਿਆ ਹੈ। ਸੁਪਰੀਮ ਕੋਰਟ ਨੇ ਆਪਣੇ ਪੁਰਾਣੇ ਹੁਕਮ ਬਦਲ ਕੇ 1 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾ ਨਵਜੋਤ ਸਿੱਧੂ ਨੂੰ 1000 ਰੁਪਏ ਦੇ ਜੁਰਮਾਨੇ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਅੱਜ ਪਟਿਆਲਾ ਜੇਲ੍ਹ ਲਿਜਾਇਆ ਜਾ ਸਕਦਾ ਹੈ। ਸਿੱਧੂ ਇੱਥੇ ਆਪਣੇ ਕੱਟੜ ਵਿਰੋਧੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਗੁਆਂਢੀ ਹੋਣਗੇ।
ਇਸ ਮਾਮਲੇ ਵਿੱਚ 65 ਸਾਲ ਦੇ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਮਾਮਲੇ ਜਿਸ ਬਜ਼ੁਰਗ ਦੀ ਮੌਤ ਹੋਈ ਸੀ, ਉਸਦੇ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਉਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੱਲੋਂ ਇਹ ਸਜ਼ਾ ਸੁਣਾਈ ਗਈ ਹੈ। ਸਿੱਧੂ ਨੂੰ ਹੁਣ ਜਾਂ ਤਾਂ ਗ੍ਰਿਫਤਾਰ ਕਰ ਲਿਆ ਜਾਵੇਗਾ, ਜਾਂ ਉਹ ਆਤਮ ਸਮਰਪਣ ਕਰਨਗੇ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਸੁਪਰੀਮ ਕੋਰਟ ਨੇ ਸਿੱਧੂ ਨੂੰ ਆਤਮ ਸਮਰਪਣ ਜਾਂ ਗ੍ਰਿਫਤਾਰੀ ‘ਤੇ ਰੋਕ ਲਗਾਉਣ ਲਈ ਕੋਈ ਰਾਹਤ ਨਹੀਂ ਦਿੱਤੀ ਹੈ। ਸਿੱਧੂ ਨੂੰ ਅੱਜ ਜੇਲ੍ਹ ਜਾਣਾ ਪਵੇਗਾ।
ਦੱਸ ਦੇਈਏ ਕਿ ਸਿੱਧੂ ਦੇ ਖਿਲਾਫ਼ ਰੋਡਰੇਜ ਦਾ ਮਾਮਲਾ ਸਾਲ 1988 ਦਾ ਹੈ। ਸਿੱਧੂ ਦਾ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ 65 ਸਾਲ ਦੇ ਇੱਕ ਬਜ਼ੁਰਗ ਨਾਲ ਉਨ੍ਹਾਂ ਦੀ ਲੜਾਈ ਹੋ ਗਈ ਸੀ। ਦੋਸ਼ ਹੈ ਕਿ ਉਨ੍ਹਾਂ ਵਿਚਾਲੇ ਹੱਥੋਪਾਈ ਵੀ ਹੋਈ। ਜਿਸ ਵਿੱਚ ਸਿੱਧੂ ਨੇ ਗੁਰਨਾਮ ਸਿੰਘ ਦੇ ਮੁੱਕਾ ਮਾਰ ਦਿੱਤਾ ਸੀ। ਜਿਸ ਕਾਰਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਸੀ।