ਟੀ-20 ਵਿਸ਼ਵ ਕੱਪ 2022 ਦੇ ਸੁਪਰ-12 ਦੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਨੂੰ ਕਰਾਰੀ ਹਾਰ ਦਿੱਤੀ ਹੈ। ਇਹ ਦੋਵੇਂ ਟੀਮਾਂ ਪਿਛਲੇ ਸਾਲ ਵਿਸ਼ਵ ਕੱਪ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਈਆਂ ਸਨ, ਜਿਸ ਵਿੱਚ ਕੀਵੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਕੇਨ ਵਿਲੀਅਮਸਨ ਦੀ ਅਗਵਾਈ ਵਾਲੀ ਕੀਵੀ ਟੀਮ ਨੇ 2022 ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਆਸਟ੍ਰੇਲੀਆ ਨੂੰ ਉਸਦੇ ਹੀ ਘਰ ‘ਚ ਹਰਾ ਕੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 200/3 ਦਾ ਵੱਡਾ ਸਕੋਰ ਬਣਾਇਆ ਸੀ। ਟੀਚੇ ਦਾ ਪਿੱਛਾ ਕਰਦਿਆਂ ਮੌਜੂਦਾ ਚੈਂਪੀਅਨ ਆਸਟ੍ਰੇਲੀਆ 111 ਦੌੜਾਂ ‘ਤੇ ਸਿਮਟ ਗਿਆ। ਇਸ ਤਰ੍ਹਾਂ ਕੀਵੀ ਟੀਮ ਨੇ ਆਪਣੇ ਪਹਿਲੇ ਮੈਚ ਵਿੱਚ 89 ਦੌੜਾਂ ਦੀ ਵੱਡੀ ਜਿੱਤ ਦਰਜ ਕੀਤੀ ਹੈ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਕੀਵੀ ਟੀਮ ਨੇ ਧਮਾਕੇਦਾਰ ਸ਼ੁਰੂਆਤ ਕੀਤੀ ਅਤੇ ਪਾਵਰਪਲੇ ਵਿੱਚ 65 ਦੌੜਾਂ ਬਣਾਈਆਂ। ਇਹ ਕਿਸੇ ਵੀ ਟੀ-20 ਵਿਸ਼ਵ ਕੱਪ ਮੈਚ ਵਿੱਚ ਪਾਵਰਪਲੇ ਵਿੱਚ ਨਿਊਜ਼ੀਲੈਂਡ ਵੱਲੋਂ ਬਣਾਈਆਂ ਗਈਆਂ ਸਭ ਤੋਂ ਵੱਧ ਦੌੜਾਂ ਹਨ।