ਪੰਜਾਬ ਸਰਕਾਰ ਨੇ ਪੁਲਿਸ ਦੀ ਮਦਦ ਨਾਲ ਬੁੱਧਵਾਰ ਰਾਤ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ 13 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਕਾਰਵਾਈ ਕੀਤੀ ਹੈ। ਪੁਲਿਸ ਨੇ ਬੁਲਡੋਜ਼ਰ ਦੀ ਵਰਤੋਂ ਕਰਦੇ ਹੋਏ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਬਣੀਆਂ ਸਟੇਜਾਂ ਨੂੰ ਢਾਹ ਦਿੱਤਾ ਹੈ ਅਤੇ ਕਈ ਟੈਂਟ ਵੀ ਉਖਾੜ ਦਿੱਤੇ ਹਨ। ਦਰਅਸਲ, ਇੱਥੇ ਕਿਸਾਨ 13 ਫਰਵਰੀ-2024 ਤੋਂ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ ਸੀ।
ਮੀਟਿੰਗ ਖ਼ਤਮ ਹੋਣ ਤੋਂ ਬਾਅਦ ਖਨੌਰੀ ਤੇ ਸ਼ੰਭੂ ਬਾਰਡਰ ‘ਤੇ ਵਾਪਸ ਆ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ 300 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ | ਹੁਣ ਵੀਰਵਾਰ ਨੂੰ ਅੰਮ੍ਰਿਤਸਰ-ਅੰਬਾਲਾ-ਦਿੱਲੀ ਨੈਸ਼ਨਲ ਹਾਈਵੇ ਨੂੰ ਖੋਲ੍ਹ ਦਿੱਤਾ ਜਾਵੇਗਾ। ਹਾਲਾਂਕਿ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਲਗਾਏ ਗਏ ਬੈਰੀਕੇਡਿੰਗ ਨੂੰ ਅਜੇ ਤੱਕ ਪੂਰੀ ਤਰਾਂ ਹਟਾਇਆ ਨਹੀਂ ਗਿਆ ਹੈ।