ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਕਿਸਾਨ ਲਗਾਤਾਰ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਅੰਦੋਲਨ ‘ਚ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ ਹਨ। ਉੱਥੇ ਹੀ ਕਿਸਾਨਾਂ ਅਤੇ ਸਰਕਾਰ ਵਿਚਕਾਰ ਕਈ ਦੌਰ ਦੀ ਗੱਲਬਾਤ ਵੀ ਹੋਈ ਹੈ, ਪਰ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਪਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ-NHRC) ਨੇ ਦਿੱਲੀ, ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼ ਦੀਆ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਕਿਸਾਨਾਂ ਦੇ ਵਿਰੋਧ ਦੀ ਰਿਪੋਰਟ ਮੰਗੀ ਹੈ।
ਦਰਅਸਲ, ਭਾਰਤੀ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ-NHRC) ਨੂੰ ਕਿਸਾਨ ਅੰਦੋਲਨ ਦੇ ਵਿਰੁੱਧ ਬਹੁਤ ਸਾਰੀਆਂ ਸ਼ਿਕਾਇਤਾਂ ਮਿਲੀਆਂ ਹਨ। ਐਨਐਚਆਰਸੀ ਨੇ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਰਕਾਰ ਦੇ ਮੁੱਖ ਸਕੱਤਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਜਵਾਬ ਮੰਗੇ ਗਏ ਹਨ। ਇਸਦੇ ਨਾਲ ਹੀ, ਐਨਐਚਆਰਸੀ ਨੇ ਅੰਦੋਲਨ ਦੇ ਸੰਬੰਧ ਵਿੱਚ ਦਿੱਲੀ ਪੁਲਿਸ ਕਮਿਸ਼ਨਰ ਨੂੰ ਇੱਕ ਨੋਟਿਸ ਵੀ ਜਾਰੀ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਉਸਦੇ ਨਾਲ ਸਬੰਧਿਤ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਦੋਸ਼ ਲਗਾਇਆ ਗਿਆ ਹੈ ਕਿ ਵਿਰੋਧ ਸਥਾਨ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੁਆਰਾ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਸੜਕ ਜਾਮ ਹੋਣ ਕਾਰਨ ਉਥੇ ਰਹਿਣ ਵਾਲੇ ਸਥਾਨਕ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਅੰਦੋਲਨ ਵਿੱਚ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦੇ ਵੀ ਸ਼ਾਮਿਲ ਹਨ, ਇਸ ਲਈ ਸ਼ਾਂਤੀਪੂਰਵਕ ਅੰਦੋਲਨ ਕਰਨ ਦੇ ਅਧਿਕਾਰ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ। ਇਸ ਵਿਚਕਾਰ, ਐਨਐਚਆਰਸੀ ਨੂੰ ਮਨੁੱਖੀ ਅਧਿਕਾਰਾਂ ਦੇ ਵੱਖ ਵੱਖ ਮੁੱਦਿਆਂ ਨੂੰ ਹੱਲ ਕਰਨ ਦੀ ਜ਼ਰੂਰਤ ਹੈ।