ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੇ ਸੀ। ਇੰਨਾ ਹੀ ਨਹੀਂ, ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਵਿਧਾਇਕਾ ਅਦਾਲਤ ‘ਚ ਪੇਸ਼ ਨਹੀਂ ਹੋਏ ਤਾਂ ਹੁਣ ਗੈਰ-ਜ਼ਮਾਨਤੀ ਵਾਰੰਟ ਨਿਕਲ ਆਏ ਹਨ। ਸੈਕਟਰ-3 ਥਾਣੇ ਦੀ ਪੁਲੀਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਿਲ ਹਨ।
ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਘਟਨਾ ਜਨਵਰੀ 2020 ਦੀ ਹੈ। ਪੰਜਾਬ ਵਿੱਚ ਮਹਿੰਗੀ ਬਿਜਲੀ ਦਾ ਮੁੱਦਾ ਗਰਮ ਸੀ। ‘ਆਪ’ ਦੇ ਸੈਂਕੜੇ ਵਰਕਰ ਤੇ ਆਗੂ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪਹੁੰਚੇ ਹੋਏ ਸਨ। ਇਸ ਦੌਰਾਨ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਵੀ ਹੋਈ ਸੀ। ਇਸ ਪੂਰੀ ਘਟਨਾ ਵਿੱਚ ਇੰਸਪੈਕਟਰ ਮਲਕੀਤ ਸਿੰਘ, ਕਾਂਸਟੇਬਲ ਵਿਨੀਤ ਕੁਮਾਰ ਅਤੇ ਮਹਿਲਾ ਕਾਂਸਟੇਬਲ ਮਨਪ੍ਰੀਤ ਕੌਰ ਜ਼ਖ਼ਮੀ ਹੋ ਗਏ ਸਨ। ਸੈਕਟਰ-3 ਚੰਡੀਗੜ੍ਹ ਦੀ ਪੁਲੀਸ ਨੇ ਮਨਪ੍ਰੀਤ ਦੀ ਸ਼ਿਕਾਇਤ ’ਤੇ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਤਲਵੰਡੀ ਸਾਬੋ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੂਜੀ ਵਾਰ ਜਿੱਤੇ ਹਨ।