ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਖ਼ਤਮ ਹੋ ਗਈ ਹੈ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ ਐਨਐਸਯੂਆਈ ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਿਲ ਕੀਤੀ ਹੈ। ਇਸ ਨਾਲ ਇਨਸੋ ਦੇ ਉਮੀਦਵਾਰ ਦੀਪਕ ਗੋਇਤ ਨੇ ਜਨਰਲ ਸਕੱਤਰ ਦੇ ਅਹੁਦੇ ‘ਤੇ ਜਿੱਤ ਹਾਸਿਲ ਕੀਤੀ ਹੈ। ਦੂਜੇ ਪਾਸੇ ਮੀਤ ਪ੍ਰਧਾਨ ਦੇ ਅਹੁਦੇ ‘ਤੇ ਸੱਥ ਦੀ ਰਣਮੀਤ ਜੋਤ ਕੌਰ ਨੇ ਜਿੱਤ ਹਾਸਿਲ ਕੀਤੀ ਹੈ।
ਵੋਟਿੰਗ ਤੋਂ ਬਾਅਦ ਡੀਜੀਪੀ ਪ੍ਰਵੀਨ ਰੰਜਨ ਅਤੇ ਐਸਐਸਪੀ ਕੰਵਰਦੀਪ ਕੌਰ ਗਿਣਤੀ ਕੇਂਦਰ ਦਾ ਜਾਇਜ਼ਾ ਲੈਣ ਪਹੁੰਚੇ ਸਨ। ਯੂਨੀਵਰਸਿਟੀ ਦੇ ਸਟਾਫ਼ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਯੂਨੀਵਰਸਿਟੀ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਯੂਨੀਵਰਸਿਟੀ ਦੇ ਲਗਭਗ 15693 ਵਿਦਿਆਰਥੀਆਂ ਨੇ ਵੋਟਿੰਗ ਵਿੱਚ ਹਿੱਸਾ ਲਿਆ। 10 ਕਾਲਜਾਂ ਵਿੱਚ ਕਰੀਬ 43705 ਵੋਟਰ ਸਨ। 10 ਕਾਲਜਾਂ ਵਿੱਚ 110 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਦੋਂਕਿ ਪੰਜਾਬ ਯੂਨੀਵਰਸਿਟੀ ਵਿੱਚ 4 ਅਸਾਮੀਆਂ ਲਈ 21 ਉਮੀਦਵਾਰ ਮੈਦਾਨ ਵਿੱਚ ਸਨ।