ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ ‘ਚ ਕੀਤੀ ਗਈ ਦੇਰੀ ਦਾ ਮਾਮਲਾ ਭਖਣ ਤੋਂ ਬਾਅਦ ਹੁਣ ਇੱਕ ਵੱਡੀ ਖਬਰ ਆਈ ਹੈ ਕਿ ਪੰਜਾਬ ਅਤੇ ਹਰਿਆਣੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ ਤੋਂ ਸ਼ੁਰੂ ਹੋਵੇਗੀ। ਦਰਅਸਲ ਮੋਦੀ ਸਰਕਾਰ ਦੇ ਇਸ ਫੈਸਲੇ ਕਾਰਨ ਕਿਸਾਨਾਂ ਵਿੱਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਸੀ। ਉੱਥੇ ਹੀ ਅੱਜ ਸਰਕਾਰ ਦੇ ਫੈਸਲੇ ਖ਼ਿਲਾਫ਼ ਪੰਜਾਬ ਸਣੇ ਪੂਰੇ ਹਰਿਆਣੇ ਦੇ ਵਿੱਚ ਕਿਸਾਨਾਂ ਵੱਲੋ ਵੱਡੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। ਜਿਸ ਤੋਂ ਬਾਅਦ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਫ਼ੂਡ ਸਪਲਾਈ ਮੰਤਰੀ ਅਸ਼ਵਨੀ ਕੁਮਾਰ ਚੌਬੇ ਦੇ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਇਹ ਵੱਡਾ ਫੈਸਲਾ ਲਿਆ ਗਿਆ ਹੈ।
ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਅੱਜ ਪੰਜਾਬ ਤੋਂ ਹਰਿਆਣੇ ਤੱਕ ਘਮਸਾਣ ਦੇਖਣ ਨੂੰ ਮਿਲ ਰਿਹਾ ਸੀ । ਪੰਜਾਬ ਸਣੇ ਹਰਿਆਣੇ ਦੇ ਵਿੱਚ ਕਿਸਾਨਾਂ ਦੇ ਵੱਲੋ ਖਰੀਦ ਸ਼ੁਰੂ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿੱਥੇ ਪਹਿਲਾ ਕਿਸਾਨਾਂ ਨੇ ਸਰਕਾਰ ਦੇ ਇਸ ਫੈਸਲੇ ਦੇ ਵਿਰੋਧ ‘ਚ ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਸੀ। ਉਸ ਤੋਂ ਬਾਅਦ ਕਿਸਾਨਾਂ ਨੇ ਹਰਿਆਣਾ ਦੇ ਪੰਚਕੂਲਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਗਿਆਨ ਚੰਦ ਗੁਪਤਾ ਦੇ ਘਰ ਦਾ ਵੀ ਘਿਰਾਓ ਕੀਤਾ ਸੀ। ਕਈ ਥਾਵਾਂ ‘ਤੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਵੀ ਦੇਖਣ ਨੂੰ ਮਿਲੀ ਸੀ।