ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਇੱਕ ਜਾਸੂਸ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਫੇਜ਼ 1 ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗ੍ਰਿਫਤਾਰ ਮੁਲਜ਼ਮ ਲੰਬੇ ਸਮੇਂ ਤੋਂ ਆਈਐਸਆਈ ਲਈ ਜਾਸੂਸੀ ਕਰ ਰਿਹਾ ਸੀ। ਪੰਜਾਬ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਮਿਲੀ। ਅਜਿਹੇ ‘ਚ ਜਾਂਚ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਸੂਸ ਪਿਛਲੇ 3 ਸਾਲਾਂ ਤੋਂ ਆਈਐਸਆਈ ਨੂੰ ਪੰਜਾਬ ਦੇ ਸੰਵੇਦਨਸ਼ੀਲ ਇਲਾਕਿਆਂ ਅਤੇ ਇਮਾਰਤਾਂ ਆਦਿ ਦੇ ਨਕਸ਼ੇ ਭੇਜ ਰਿਹਾ ਸੀ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨੇ ਸਰਹੱਦ ਪਾਰ ਕਿਸ ਤਰ੍ਹਾਂ ਦੀ ਸੰਵੇਦਨਸ਼ੀਲ ਜਾਣਕਾਰੀ ਦਿੱਤੀ ਸੀ ਅਤੇ ਉਨ੍ਹਾਂ ਦਾ ਮਕਸਦ ਕੀ ਸੀ।
ਫੜੇ ਗਏ ਜਾਸੂਸ ਦਾ ਨਾਂ ਤਪਿੰਦਰ ਸਿੰਘ (40) ਦੱਸਿਆ ਜਾ ਰਿਹਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਕਾਗ਼ਜ਼ੀ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਤੁਰੰਤ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ 19 ਦਸੰਬਰ ਤੱਕ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਹਾਲ ਹੀ ‘ਚ ਪੰਜਾਬ ਪੁਲਿਸ ਦੇ ਦੋ ਵੱਖ-ਵੱਖ ਦਫਤਰਾਂ ‘ਤੇ ਰਾਕੇਟ ਹਮਲੇ ਹੋਏ ਸਨ, ਜਿਨ੍ਹਾਂ ‘ਚ ਦੋਸ਼ੀ ਤ੍ਰਿਪੇਂਦਰ ਦੀ ਵੀ ਸ਼ਮੂਲੀਅਤ ਹੋ ਸਕਦੀ ਹੈ, ਹਾਲਾਂਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਜਾਸੂਸ ਸਿੱਖ ਫਾਰ ਜਸਟਿਸ ਦੇ ਸੰਪਰਕ ਵਿਚ ਵੀ ਸੀ।