ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਖਪਾਲ ਖਹਿਰਾ ਬਾਰੇ ਸਵਾਲ ਪੁੱਛਿਆ ਹੈ। ਬਾਜਵਾ ਨੇ ਕਿਹਾ ਕਿ ਜੇਕਰ ਖਹਿਰਾ ਨਸ਼ੇ ਦੇ ਸੌਦਾਗਰ ਸਨ ਤਾਂ ਉਨ੍ਹਾਂ ਨੂੰ 2017 ‘ਚ ਵਿਧਾਨ ਸਭਾ ਦੀ ਟਿਕਟ ਕਿਉਂ ਦਿੱਤੀ ਗਈ। ਉਨ੍ਹਾਂ ਦੀ ਜਿੱਤ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਪਾਰਟੀ ਦਾ ਨੇਤਾ ਕਿਉਂ ਬਣਾਇਆ ਸੀ?
ਬਾਜਵਾ ਨੇ ਕਿਹਾ ਕਿ ਉਸ ਸਮੇਂ ਭਗਵੰਤ ਮਾਨ (ਪੰਜਾਬ ਦੇ ਮੌਜੂਦਾ ਮੁੱਖ ਮੰਤਰੀ) ਨੇ ਖਹਿਰਾ ਖਿਲਾਫ ਦਰਜ ਕੀਤੇ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਕਿਉਂ ਕਿਹਾ ਸੀ? ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦੇ ਵੱਲੋਂ ਪ੍ਰਦਰਸ਼ਨ ਦੌਰਾਨ ਬਾਜਵਾ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਏਆਈਜੀ ਰਾਜਜੀਤ ਹੁੰਦਲ ਨੂੰ ਗ੍ਰਿਫਤਾਰ ਕਿਉਂ ਨਹੀਂ ਕਰ ਸਕੀ, ਜਿਸ ‘ਤੇ ਨਸ਼ੇ ਦੇ ਕਾਰੋਬਾਰ ‘ਚ ਸ਼ਾਮਿਲ ਹੋਣ ਦਾ ਦੋਸ਼ ਹੈ। ਕੀ ਡੀਜੀਪੀ ਗੌਰਵ ਯਾਦਵ ਦੱਸਣਗੇ ਕਿ ਉਨ੍ਹਾਂ ਨੂੰ ਕੌਣ ਬਚਾ ਰਿਹਾ ਹੈ? ਬਰਖਾਸਤ ਏਆਈਜੀ ਨੂੰ ਫੜਨ ਲਈ ਵਿਸ਼ੇਸ਼ ਟੀਮ ਕਿਉਂ ਨਹੀਂ ਬਣਾਈ ਗਈ?
ਬਾਜਵਾ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ ਹੈ। ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਦੌਰਾਨ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਐਸਆਈਟੀ ਪਹਿਲਾਂ ਮੁਲਜ਼ਮਾਂ ਨੂੰ ਸੰਮਨ ਕਰਦੀ ਹੈ ਅਤੇ ਰਿਪੋਰਟ ਦਰਜ ਕਰਦੀ ਹੈ। ਮੁਲਜ਼ਮ ਦੇ ਬਿਆਨ ਤੋਂ ਬਾਅਦ ਗ੍ਰਿਫ਼ਤਾਰੀ ਦਾ ਫੈਸਲਾ ਲਿਆ ਜਾਂਦਾ ਹੈ। ਇਸ ਮਾਮਲੇ ਵਿੱਚ ਅਜਿਹਾ ਕੁਝ ਨਹੀਂ ਹੋਇਆ।
ਪੁਲਿਸ ਖਹਿਰਾ ਦੇ ਘਰ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਈ। ਫਿਰ ਉਨ੍ਹਾਂ ਨੂੰ ਗ੍ਰਿਫਤਾਰੀ ਵਾਰੰਟ ਦਿਖਾਏ ਬਿਨਾਂ ਹੀ ਗ੍ਰਿਫਤਾਰ ਕਰ ਲਿਆ ਗਿਆ। ਬਾਜਵਾ ਨੇ ਕਿਹਾ ਕਿ ਇਹ ਕਾਰਵਾਈ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੇ ਵੀ ਨਿੱਜੀ ਹਿੱਤ ਸਨ। ਉਨ੍ਹਾਂ ਨੂੰ ਚੰਗੀ ਕੁਰਸੀ ਦਾ ਲਾਲਚ ਦੇ ਕੇ ਇਹ ਕੰਮ ਕਰਵਾਇਆ ਗਿਆ ਹੈ।