ਪਟਿਆਲਾ ਵਿੱਚ ਸ਼ੁੱਕਰਵਾਰ ਨੂੰ ਵਾਪਰੀ ਘਟਨਾ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਪੁਲਿਸ ਨੇ ਸ਼ਿਵ ਸੈਨਾ ਦੇ ਬਰਖ਼ਾਸਤ ਆਗੂ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰੀਸ਼ ਸਿੰਗਲਾ ਨੂੰ ਉਨ੍ਹਾਂ ਦੇ ਦਫਤਰ ਵਿੱਚੋਂ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਅੱਜ ਕਾਲੀ ਦੇਵੀ ਮੰਦਰ ਨੇੜੇ ਇੱਕ ਝੜਪ ਹੋ ਗਈ ਸੀ। ਇਹ ਝਗੜਾ ਮੁਰਦਾਬਾਦ ਮਾਰਚ ਨੂੰ ਲੈ ਕੇ ਹੋਇਆ ਸੀ। ਪਟਿਆਲਾ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਡੀਸੀ ਨੇ ਜ਼ਿਲ੍ਹੇ ਵਿੱਚ ਕਰਫਿਊ ਲਗਾ ਦਿੱਤਾ ਹੈ। ਦੱਸਣਯੋਗ ਹੈ ਕਿ ਪਟਿਆਲਾ ਹਿੰਸਾ ਦੇ ਕੁੱਝ ਘੰਟਿਆ ਬਾਅਦ ਹੀ ਸ਼ਿਵ ਸੈਨਾ ਨੇ ਸ਼ੁੱਕਰਵਾਰ ਨੂੰ ਆਪਣੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਇਸ ਤੋਂ ਪਹਿਲਾ ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਹਵਾਈ ਫਾਇਰਿੰਗ ਵੀ ਕੀਤੀ ਸੀ। ਪਟਿਆਲਾ ਵਿੱਚ ਹਿੰਸਕ ਝੜਪ ਤੋਂ ਬਾਅਦ ਹਾਲਾਤ ਕਾਬੂ ਕਰਨ ਲਈ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਡੀਸੀ ਪਟਿਆਲਾ ਨੇ ਧਾਰਾ 144 ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ‘ਚ ਕਰਫ਼ਿਊ ਅੱਜ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤਕ ਲਾਗੂ ਰਹੇਗਾ। ਸੀਐਮ ਮਾਨ ਨੇ ਸਖਤ ਲੈਂਦਿਆ ਤੁਰੰਤ ਹਿੰਸਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਇੱਕ ਟਵੀਟ ਵਿੱਚ ਕਿਹਾ ਕਿ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ ਹੈ। ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ‘ਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਹੁਤ ਜ਼ਰੂਰੀ ਹੈ। ਇਸ ਘਟਨਾ ‘ਤੇ, ਪੁਲਿਸ ਦੇ ਇੰਸਪੈਕਟਰ ਜਨਰਲ ਨੇ ਕਿਹਾ ਕਿ ਇਹ ਘਟਨਾ ਇਸ ਲਈ ਵਾਪਰੀ ਕਿਉਂਕਿ “ਕੁਝ ਸ਼ਰਾਰਤੀ ਅਨਸਰਾਂ ਦੁਆਰਾ ਕੁਝ ਅਫਵਾਹਾਂ ਫੈਲਾਈਆਂ ਗਈਆਂ ਸਨ। ਅਸੀਂ ਸਥਿਤੀ ‘ਤੇ ਕਾਬੂ ਪਾ ਲਿਆ ਹੈ। ਅਸੀਂ ਪਟਿਆਲਾ ਸ਼ਹਿਰ ਵਿੱਚ ਫਲੈਗ ਮਾਰਚ ਕਰ ਰਹੇ ਹਾਂ।