ਅੰਮ੍ਰਿਤਸਰ ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਇਸ ਵਾਰ ਵੀ 2 ਜੂਨ ਤੋਂ 5 ਜੂਨ ਤੱਕ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਸ ਪਾਵਨ ਸਰੂਪ ਦੇ ਬੀਤੇ ਸਾਲ ਪਹਿਲੀ ਵਾਰ ਸੰਗਤਾਂ ਨੂੰ ਦਰਸ਼ਨ ਕਰਵਾਏ ਗਏ ਸਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਜੂਨ 1984 ਦਾ ਫ਼ੌਜੀ ਹਮਲਾ ਸਿੱਖ ਮਾਨਸਿਕਤਾ ਦਾ ਸਦੀਵ ਹਿੱਸਾ ਬਣ ਚੁੱਕਾ ਹੈ ਅਤੇ ਹਰ ਸਾਲ ਜੂਨ ਮਹੀਨਾ ਚੜ੍ਹਦਿਆਂ ਹੀ ਸਿੱਖ ਕੌਮ ਦੇ ਇਹ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ।ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਮਾਨ ਇਸ ਪਾਵਨ ਸਰੂਪ ‘ਚ ਦੱਖਣੀ ਬਾਰੀ ਰਾਹੀਂ ਗੋਲੀ ਲੱਗੀ ਸੀ।
ਉਨ੍ਹਾਂ ਸੰਗਤਾਂ ਨੂੰ ਮਸ਼ੀਨਗੰਨ ਦੀ ਉਸ ਗੋਲੀ ਦਾ ਸਿੱਕਾ ਵੀ ਦਿਖਾਇਆ ਜੋ ਪਾਵਨ ਸਰੂਪ ‘ਚ ਲੱਗੀ ਸੀ । ਉਨ੍ਹਾਂ ਕਿਹਾ ਕਿ ਇਸ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਪਾਵਨ ਸਰੂਪ ਨੂੰ ਗੋਲੀ ਨਾਲ ਜ਼ਖ਼ਮੀ ਕਰ ਦਿੱਤਾ ਗਿਆ ਸੀ, ਜਿਸ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਏ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਪਾਵਨ ਸਰੂਪ ਨੂੰ 2 ਜੂਨ ਤੋਂ 5 ਜੂਨ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਸ਼ੋਭਿਤ ਕੀਤਾ ਗਿਆ। ਇਨ੍ਹਾਂ 4 ਦਿਨਾਂ ਵਿਚ 5 ਜੂਨ ਤੱਕ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 7 ਵਜੇ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।