ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਹਫੜਾ-ਦਫੜੀ ਮੱਚੀ ਹੋਈ ਹੈ। ਇਸੇ ਦੌਰਾਨ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਇੱਕ ਵਿਅਕਤੀ ਪੈਟਰੋਲ ਪੰਪ ’ਤੇ ਤੇਲ ਖਰੀਦਣ ਪਹੁੰਚਿਆ ਸੀ । ਇਸ ਦੌਰਾਨ ਪੰਪ ਮਾਲਕ ਨਾਲ ਉਸ ਦੀ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਪੈਟਰੋਲ ਪੰਪ ਮਾਲਕ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਨੌਜਵਾਨ ਜ਼ਖਮੀ ਹੋ ਗਿਆ। ਉਸ ਦੀ ਲੱਤ ਵਿੱਚ ਗੋਲੀ ਲੱਗੀ ਸੀ। ਉਸ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਹ ਘਟਨਾ ਮੰਗਲਵਾਰ ਸ਼ਾਮ ਪਿੰਡ ਔਲਖ ਸਥਿਤ ਫਰੀਦ ਕਿਸਾਨ ਸੇਵਾ ਕੇਂਦਰ ਦੇ ਪੈਟਰੋਲ ਪੰਪ ‘ਤੇ ਵਾਪਰੀ ਹੈ।
ਪੁਲੀਸ ਨੇ ਦੱਸਿਆ ਕਿ ਤਿੰਨ ਨੌਜਵਾਨ ਮੋਟਰਸਾਈਕਲ ਵਿੱਚ ਤੇਲ ਭਰਵਾਉਣ ਆਏ ਸਨ। ਇਨ੍ਹਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਸੀ। ਸੂਚਨਾ ਤੋਂ ਬਾਅਦ ਕੋਟਕਪੂਰਾ ਦੇ ਡੀਐਸਪੀ ਅਤੇ ਥਾਣਾ ਸਦਰ ਕੋਟਕਪੂਰਾ ਦੇ ਐਸਐਚਓ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਸਨ। ਪੁਲਿਸ ਟੀਮ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।