ਤੂੜੀ ਤੰਦ ਸਾਂਭ ਹਾੜੀ ਵੇਚ ਵੱਟ ਕੇ, ਲੰਬੜਾਂ ਤੇ ਸ਼ਾਹਾਂ ਦਾ ਹਿਸਾਬ ਕੱਟ ਕੇ, ਮੀਂਹਾਂ ਦੀ ਉਡੀਕ ਤੇ ਸਿਆੜ ਕੱਢ ਕੇ, ਪੱਗ ਝੱਗਾ ਚਾਦਰਾ ਨਵਾਂ ਸਵਾਇ ਕੇ, ਸੰਮਾਂ ਵਾਲੀ ਡਾਂਗ ਉੱਤੇ ਤੇਲ ਲਾਇ ਕੇ, ਕੱਛੇ ਮਾਰ ਵੰਝਲੀ ਅਨੰਦ ਛਾ ਗਿਆ, ਮਾਰਦਾ ਦਮਾਮੇ ਜੱਟ ਮੇਲੇ ਆ ਗਿਆ -ਧਨੀ ਰਾਮ ਚਾਤ੍ਰਿਕ
ਪੂਰੀ ਦੁਨੀਆ ‘ਚ ਵੱਸਦੇ ਪੰਜਾਬੀ ਸਿੱਖ ਆਪਣੇ ਤਿਉਹਾਰ ਹਮੇਸ਼ਾਂ ਹੀ ਬੜੀ ਧੂਮਧਾਮ ਨਾਲ ਮੰਨਾਉਂਦੇ ਹਨ। ਜਿਨ੍ਹਾਂ ਵਿੱਚੋਂ ਇੱਕ ਹੈ ਵਿਸਾਖੀ ਦਾ ਤਿਉਹਾਰ। ਦੱਸ ਦੇਈਏ ਕਿ ਇਸ ਵਾਰ ਵਿਸਾਖੀ ਦਾ ਤਿਉਹਾਰ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਉੱਥੇ ਹੀ ਵਿਸਾਖੀ ਦੇ ਇਸ ਪਵਿੱਤਰ ਤਿਉਹਾਰ ਦੇ ਸਬੰਧ ਵਿੱਚ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰ ਸਮੂਹ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਲੀਡਰ ਅਤੇ ਖੇਤਰੀ ਪਾਰਟੀ ਦੇ ਆਗੂਆਂ ਨੇ ਵੀ ਪੰਜਾਬੀਆਂ ਅਤੇ ਸਿੱਖਾਂ ਦੇ ਦੇਸ਼ ਲਈ ਯੋਗਦਾਨ ਨੂੰ ਯਾਦ ਕਰ ਅਤੇ ਕੋਰੋਨਾ ਕਾਲ ਦੌਰਾਨ ਕੀਤੀ ਸੇਵਾ ਦਾ ਜ਼ਿਕਰ ਕਰ ਵਧਾਈ ਦਿੱਤੀ ਹੈ।
ਉੱਥੇ ਹੀ ਨਿਊਜ਼ੀਲੈਂਡ ਦੀਆਂ ਸਾਰੀਆਂ ਕਮੇਟੀਆਂ ਨੇ ਵੀ ਪ੍ਰਧਾਨ ਮੰਤਰੀ ਸਮੇਤ ਸਾਰੇ ਆਗੂਆਂ ਦਾ ਧੰਨਵਾਦ ਕੀਤਾ ਹੈ। ਸੁਪਰੀਮ ਸਿੱਖ ਸੁਸਾਇਟੀ ਦੇ ਵੱਲੋਂ ਵੀ ਪ੍ਰਧਾਨ ਮੰਤਰੀ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ। ਦੱਸ ਦੇਈਏ ਕਿ ਵਿਸਾਖੀ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਅਹਿਮ ਹੈ , ਵਿਸਾਖੀ ਵਾਲੇ ਦਿਨ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈਸਵੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਦਰਸ਼ ਮਨੁੱਖਤਾ ਨੂੰ ਧਾਰਮਿਕ, ਸਮਾਜਿਕ ਤੇ ਰਾਜਨੀਤਕ ਬੰਧਨਾਂ ਤੋਂ ਮੁਕਤ ਕਰਵਾ ਕੇ ਆਜ਼ਾਦ ਕੌਮ ਦੇ ਰੂਪ ਵਿਚ ਪੇਸ਼ ਕੀਤਾ ਸੀ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਊਚ-ਨੀਚ ਦੇ ਪਾੜੇ ਨੂੰ ਖ਼ਤਮ ਕਰਦਿਆਂ ਸਿੱਖ ਪੰਥ ਦੀ ਸਾਜਨਾ ਕੀਤੀ ਗਈ ਸੀ ਤੇ ਸਭ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਸੀ।
ਵਿਸਾਖੀ ਦਾ ਤਿਓਹਾਰ ਪੰਜਾਬ ਲਈ ਸਿਰਫ ਧਾਰਮਿਕ ਅਹਿਮੀਅਤ ਹੀ ਨਹੀਂ ਰੱਖਦਾ ਸਗੋਂ ਇਸ ਦੀ ਆਰਥਿਕ ਤੌਰ ‘ਤੇ ਵੀ ਕਾਫੀ ਅਹਿਮੀਅਤ ਹੈ। ਇਸ ਦਿਨ ਹੀ ਪੰਜਾਬ ਵਿਚ ਰਸਮੀ ਤੌਰ ‘ਤੇ ਕਣਕ ਦੀ ਵਾਢੀ ਸ਼ੁਰੂ ਹੁੰਦੀ ਹੈ। ਖੇਤਾਂ ਵਿੱਚ ਸੋਨੇ ਰੰਗੀਆਂ, ਲਹਿਰਾਉਂਦੀਆਂ, ਪੱਕੀਆਂ ਕਣਕਾਂ ਦੇਖ ਕੇ ਕਿਸਾਨ ਆਪਣੀ ਮਿਹਨਤ ਦੇ ਮੁੱਲ ਨੂੰ ਪੈਂਦਾ ਦੇਖਦੇ ਹਨ। ਵਿਸਾਖੀ ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ।ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ।
“ਆਈ ਵਿਸਾਖੀ ਆਈ ਵਿਸਾਖੀ, ਖੁਸ਼ੀਆਂ ਨਾਲ ਲਿਆਈ ਵਿਸਾਖੀ”
ਇਸ ਦਿਨ ਇਸ ਦਿਨ ਲੋਕ ਗੁਰੂ ਘਰਾਂ ‘ਚ ਮੱਥਾ ਟੇਕਦੇ ਹਨ ਅਤੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ। ਜਿਸ ‘ਚ ਵੱਡੀ ਗਿਣਤੀ ‘ਚ ਸੰਗਤਾਂ ਸ਼ਿਰਕਤ ਕਰਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਦਸਤਾਰ ਦਿਵਸ ਵੀ ਮਨਾਇਆ ਜਾਂਦਾ ਹੈ।