ਹੁਣ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਚੋਣ ਮੈਦਾਨ ਵਿੱਚ ਪੂਰੀ ਤਾਕਤ ਝੋਕ ਦਿੱਤੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵੀ ਇਸ ਵਾਰ ਸਿੱਖ ਬਹੁਗਿਣਤੀ ਵਾਲੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕੀਤੇ ਬਿਨਾਂ ਚੋਣ ਮੈਦਾਨ ਵਿੱਚ ਹੈ। ਪੰਜਾਬ ਵਿੱਚ ਆਪਣੇ ਲਈ ਸਿਆਸੀ ਜ਼ਮੀਨ ਤਲਾਸ਼ ਰਹੀ ਭਾਜਪਾ ਨੇ ਹੁਣ ਆਪਣੇ ‘ਟਰੰਪ ਕਾਰਡ’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਨਵਾਂ ਭਾਰਤ ਤਾਂ ਹੀ ਬਣੇਗਾ ਜਦੋਂ ਨਵਾਂ ਪੰਜਾਬ ਬਣੇਗਾ ਜਿਸ ਵਿੱਚ ਵਿਰਾਸਤ ਵੀ ਹੋਵੇਗੀ। ਨਵਾਂ ਪੰਜਾਬ ਕਰਜ਼ਾ ਮੁਕਤ ਹੋਵੇਗਾ। ਸਾਰਿਆਂ ਨੂੰ ਬਰਾਬਰ ਕੰਮ ਦੇ ਮੌਕੇ ਮਿਲਣਗੇ। ਕਾਨੂੰਨ ਦਾ ਰਾਜ ਹੋਵੇਗਾ, ਮਾਫੀਆ ਦਾ ਨਹੀਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੇ ਜਲੰਧਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਪੀਐਮ ਮੋਦੀ ਨੇ ਸਟੇਜ ਤੋਂ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਨੂੰ ਗੁਰੂਆਂ, ਪੀਰਾਂ, ਕ੍ਰਾਂਤੀਕਾਰੀਆਂ ਦੀ ਧਰਤੀ ਦੱਸਦਿਆਂ ਕਿਹਾ ਕਿ ਇੱਥੇ ਆ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਵੀ ਤਾਲਾਬ ਮਾਤਾ ਦੇ ਦਰਸ਼ਨਾਂ ਲਈ ਜਾਣ ਦੀ ਇੱਛਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਹੱਥ ਖੜ੍ਹੇ ਕਰ ਦਿੱਤੇ। ਦੱਸਿਆ ਗਿਆ ਕਿ ਅਸੀਂ ਪ੍ਰਬੰਧ ਨਹੀਂ ਕਰ ਸਕਾਂਗੇ। ਤੁਸੀਂ ਬੱਸ ਹੈਲੀਕਾਪਟਰ ਰਾਹੀਂ ਚਲੇ ਜਾਓ। ਪੀਐਮ ਮੋਦੀ ਨੇ ਕਿਹਾ ਕਿ ਇਹ ਸਰਕਾਰ ਦੀ ਹਾਲਤ ਹੈ। ਪਰ ਮੈ ਫਿਰ ਆਵਾਂਗਾ ਤੇ ਮਾਂ ਦੇ ਚਰਨਾਂ ਵਿੱਚ ਸਿਰ ਝੁਕਾਵਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਰੇ ਸ਼ਹੀਦਾਂ ਨੂੰ ਸਲਾਮ ਕਰਦਾ ਹਾਂ।