ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 94ਵਾਂ ਜਨਮ ਦਿਨ ਹੈ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਪੰਜਾਬ ਦੀ ਤਰੱਕੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।” ਪ੍ਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਹੋਇਆ ਸੀ। ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1970 ਵਿੱਚ ਪੰਜਾਬ ਦੇ ਮੁੱਖ ਮੰਤਰੀ ਚੁਣੇ ਗਏ ਸਨ। ਇਸ ਤੋਂ ਬਾਅਦ ਉਹ 1977, 1997, 2007 ਅਤੇ ਫਿਰ 2012 ਵਿੱਚ ਮੁੱਖ ਮੰਤਰੀ ਚੁਣੇ ਗਏ ਸਨ।
ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਭਾਜਪਾ ਅਤੇ ਅਕਾਲੀ ਦਲ ਵਿੱਚ ਗਠਜੋੜ ਦੀਆਂ ਕਿਆਸਅਰਾਈਆਂ ਵੀ ਲਾਈਆਂ ਜਾ ਰਹੀਆਂ ਹਨ। ਦੋਵਾਂ ਧਿਰਾਂ ਦੀ ਸਾਲਾਂ ਦੀ ਦੋਸਤੀ ਵਿੱਚ ਓਦੋਂ ਦਰਾਰ ਆ ਗਈ ਸੀ, ਜਦੋਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਸ਼ੁਰੂ ਕੀਤਾ ਸੀ। ਪਰ ਹੁਣ ਕੇਂਦਰ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਿਸ ਲੈ ਲਏ ਹਨ। ਜਿਸ ਕਾਰਨ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਇਕੱਠੀਆਂ ਹੋ ਸਕਦੀਆਂ ਹਨ। ਹਾਲਾਂਕਿ ਅਜਿਹਾ ਹੁੰਦਾ ਹੈ ਜਾਂ ਨਹੀਂ, ਇਹ ਤਾਂ ਸਮਾਂ ਆਉਣ ‘ਤੇ ਹੀ ਪਤਾ ਲੱਗੇਗਾ।