ਕੋਰੋਨਾ ਮਹਾਂਮਾਰੀ ਕਾਰਨ ਕਈ ਦੇਸ਼ਾ ਦੇ ਵਿੱਚ ਸਖਤ ਪਬੰਦੀਆਂ ਲਾਗੂ ਹਨ, ਪਰ ਹੁਣ ਕੁੱਝ ਦੇਸ਼ਾ ਨੇ ਇੰਨ੍ਹਾਂ ਪਬੰਦੀਆਂ ‘ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਮੈਲਬੌਰਨ ‘ਚ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਜਲਦ ਹੀ ਦੇਸ਼ ‘ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਵਿਦਿਆਰਥੀਆਂ ਦੇ ਆਸਟ੍ਰੇਲੀਆ ਵਾਪਿਸ ਆਉਣ ਦੀ ਉਡੀਕ ਕਰ ਰਹੇ ਹਾਂ। ਹੁਣ ਬਹੁਤ ਲੰਮਾ ਸਮਾਂ ਨਹੀਂ ਲੱਗੇਗਾ।
ਸਕਾਟ ਮੌਰੀਸਨ ਨੇ ਕਿਹਾ ਕਿ ਅਸੀਂ ਬਹੁਤ ਸਾਰੇ ਭਾਰਤੀ ਟੀਕਿਆਂ ਨੂੰ ਮਾਨਤਾ ਦਿੱਤੀ ਹੈ ਜਿਸ ਨਾਲ ਭਾਰਤੀ ਵਿਦਿਆਰਥੀਆਂ ਅਤੇ ਯਾਤਰੀਆਂ ਦਾ ਆਸਟ੍ਰੇਲੀਆ ਵਿੱਚ ਆਉਣਾ ਸੌਖਾ ਹੋ ਜਾਵੇਗਾ। ਦੱਸ ਦੇਈਏ ਕਿ ਕੈਨਬਰਾ ਨੇ ਪਹਿਲਾਂ ਹੀ ਆਸਟ੍ਰੇਲੀਆ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਲਈ ਕੋਵੈਕਸੀਨ ਅਤੇ ਕੋਵਿਸ਼ੀਲਡ ਨੂੰ ਮਨਜ਼ੂਰੀ ਦੇ ਦਿੱਤੀ ਹੈ।