ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲ ਰਹੀਆਂ ਧਮਕੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਮਲੇ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਸਿੱਧੂ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਪਿੰਡ ਮੂਸੇ ਨੂੰ ਸੀਲ ਕਰ ਦਿੱਤਾ ਹੈ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਇਨਪੁਟ ਤੋਂ ਬਾਅਦ ਹੁਣ ਪੰਜਾਬ ਪੁਲਿਸ ਕੋਈ ਜੋਖਮ ਨਹੀਂ ਲੈਣਾ ਚਾਹੁੰਦੀ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਵੱਲੋਂ ਮਿਲੇ ਇਨਪੁਟ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਘਰ ਦੇ ਬਾਹਰ 150 ਦੇ ਕਰੀਬ ਜਵਾਨ ਤਾਇਨਾਤ ਕੀਤੇ ਗਏ ਹਨ, ਜੋ 24 ਘੰਟੇ ਘਰ ਅਤੇ ਪਰਿਵਾਰ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਐਲਐਮਜੀ ਨਾਲ ਲੈਸ ਵਾਹਨ ਵੀ ਨਿਗਰਾਨੀ ਲਈ ਘਰ ਦੇ ਬਾਹਰ ਖੜ੍ਹੇ ਕੀਤੇ ਗਏ ਹਨ। ਪਿੰਡ ਨੂੰ ਆਉਣ-ਜਾਣ ਵਾਲੀ ਹਰ ਸੜਕ ’ਤੇ ਨਾਕੇ ਲਾਏ ਗਏ ਹਨ। ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਸੂਤਰਾਂ ਮੁਤਾਬਿਕ ਮਾਨਸਾ ਪੁਲਿਸ ਨੂੰ ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲੇ ਹਨ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲਾ ਹੋ ਸਕਦਾ ਹੈ। ਸਿੱਧੂ ਦਾ ਪਿਤਾ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਅਤੇ ਗੈਂਗਸਟਰਾਂ ਖਿਲਾਫ ਵੀ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਜਿਸ ਕਾਰਨ ਉਨ੍ਹਾਂ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਹਨ।