ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼ੁੱਕਰਵਾਰ ਨੂੰ ਜਦੋਂ ਪ੍ਰਤਾਪ ਸਿੰਘ ਬਾਜਵਾ ਫਾਜ਼ਿਲਕਾ ਦੇ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ.ਆਈ.ਏ.) ਥਾਣੇ ‘ਚ ਬੰਦ ਸੁਖਪਾਲ ਖਹਿਰਾ ਨੂੰ ਮਿਲਣ ਗਏ ਤਾਂ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਮਗਰੋਂ ਉਨ੍ਹਾਂ ਇਸ ਕਾਰਵਾਈ ਖ਼ਿਲਾਫ਼ ਸੜਕਾਂ ’ਤੇ ਆ ਕੇ ਕਾਨੂੰਨੀ ਲੜਾਈ ਲੜਨ ਦਾ ਸੱਦਾ ਦਿੱਤਾ। ਵਿਧਾਇਕ ਖਹਿਰਾ ਦੀ ਗ੍ਰਿਫ਼ਤਾਰੀ ਦਾ ਮਾਮਲਾ ਉਸ ਸਮੇਂ ਸਿਆਸੀ ਤੂਫ਼ਾਨ ਵਿੱਚ ਬਦਲ ਗਿਆ ਜਦੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਫ਼ਾਜ਼ਿਲਕਾ ਦੇ ਸੀਆਈਏ ਦਫ਼ਤਰ ਦੇ ਬਾਹਰ ਇਕੱਠੇ ਹੋਏ ਪਰ ਸਰਕਾਰ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।
ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਅੱਜ ਉਹ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਨਾਲ ਲੈ ਕੇ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲਣ ਫਾਜ਼ਿਲਕਾ ਪੁੱਜੇ ਸਨ। ਪਰ ਪੁਲਿਸ ਨੇ ਸਾਨੂੰ ਉਸ ਨੂੰ ਮਿਲਣ ਤੋਂ ਰੋਕ ਦਿੱਤਾ। ਅਸੀਂ ‘ਆਪ’ ਪਾਰਟੀ ਦੇ ਇਸ ਬਦਲੇ ਨਾਲ ਕਾਨੂੰਨੀ ਤੌਰ ‘ਤੇ ਅਤੇ ਸੜਕਾਂ ‘ਤੇ ਲੜਾਂਗੇ। ਅਸੀਂ ਇਸ ਤਰ੍ਹਾਂ ਦੀ ਦਬਾਅ ਦੀ ਰਾਜਨੀਤੀ ਤੋਂ ਨਹੀਂ ਡਰਾਂਗੇ। ਥਾਣੇ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਉਹ ਭਗਵੰਤ ਮਾਨ ਦੀ ਕਾਰਵਾਈ ਦੀ ਨਿੰਦਾ ਕਰਦੇ ਹਨ। ਮਾਨ ਨੂੰ ਲੱਗਦਾ ਹੈ ਕਿ ਉਹ ਹਮੇਸ਼ਾ ਸਰਕਾਰ ਵਿੱਚ ਰਹਿਣਗੇ ਪਰ ਉਹ ਗਲਤ ਹਨ। ਸਾਰਿਆਂ ਨੇ ਜਾਣਾ ਹੈ ਅਤੇ ਉਨ੍ਹਾਂ ਦੀ ਸਰਕਾਰ ਵੀ ਜਾਵੇਗੀ।
ਬਾਜਵਾ ਨੇ ਕਿਹਾ ਕਿ ਕਿਉਂਕਿ ਮੈਂ ਵਿਰੋਧੀ ਧਿਰ ਦਾ ਨੇਤਾ ਹਾਂ, ਇਸ ਲਈ ਖਹਿਰਾ ਨੂੰ ਮਿਲਣਾ ਸਾਡਾ ਸੰਵਿਧਾਨਕ ਹੱਕ ਹੈ। ਅਸੀਂ ਪੁਲਿਸ ਅਧਿਕਾਰੀਆਂ ਦੀ ਹਿਰਾਸਤ ਵਿੱਚ ਉਨ੍ਹਾਂ ਨੂੰ ਮਿਲਣਾ ਸੀ ਪਰ ਉਨ੍ਹਾਂ ਨੇ ਸਾਨੂੰ ਇਜਾਜ਼ਤ ਨਹੀਂ ਦਿੱਤੀ। ਇਹ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ ਅਤੇ ਅਸੀਂ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸੀ ਕਿ ਕਾਂਗਰਸ ਪਾਰਟੀ ਦਾ ਹਰ ਆਗੂ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਗ੍ਰਿਫ਼ਤਾਰੀ ਖ਼ਿਲਾਫ਼ ਬਠਿੰਡਾ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਅੰਤ ਤੱਕ ਲੜਾਂਗੇ।