ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਮੀਟਿੰਗ ਸਮਾਪਤ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ 5 ਆਗੂਆਂ ਦੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਬਲਬੀਰ ਰਾਜੇਵਾਲ, ਗੁਰਨਾਮ ਚੜੂਨੀ, ਸ਼ਿਵ ਕੁਮਾਰ ਕੱਕਾ, ਯੁੱਧਵੀਰ ਸਿੰਘ, ਅਸ਼ੋਕ ਧਾਵਲੇ ਦੇ ਨਾਂ ਸ਼ਾਮਿਲ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਯੋਗਿੰਦਰ ਯਾਦਵ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦਾ ਮਕਸਦ ਸਿਰਫ਼ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨਾ ਹੈ। ਜਦੋਂ ਤੱਕ ਕਿਸਾਨਾਂ ‘ਤੇ ਦਰਜ ਕੇਸ ਵਾਪਿਸ ਨਹੀਂ ਲਏ ਜਾਂਦੇ, ਮੁਆਵਜ਼ਾ ਨਹੀਂ ਮਿਲਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।
ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਇਹ ਤਿੰਨੇ ਕਾਨੂੰਨ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਸਨ, ਜਿਸ ਕਾਰਨ ਕੇਂਦਰ ਨੂੰ ਇਨ੍ਹਾਂ ਨੂੰ ਰੱਦ ਕਰਨਾ ਪਿਆ, ਇਹ ਸਾਡੇ ਦੇਸ਼ ਦੇ ਕਿਸਾਨਾਂ ਦੀ ਵੱਡੀ ਜਿੱਤ ਹੈ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਕੁੱਝ ਚੀਜ਼ਾਂ ਰੱਖੀਆਂ ਹਨ, ਜਿਨ੍ਹਾਂ ਵਿੱਚ ਐਮਐਸਪੀ ਦੀ ਗਾਰੰਟੀ ਵੀ ਸ਼ਾਮਿਲ ਹੈ। ਦੂਜੀ ਮੰਗ ਬਿਜਲੀ ਦੇ ਬਿੱਲ ਸਬੰਧੀ ਹੈ, ਜਿਸ ਨੂੰ ਅਸੀਂ ਰੱਦ ਕਰਨਾ ਚਾਹੁੰਦੇ ਹਾਂ ਕਿਉਂਕਿ ਇਸ ਨਾਲ ਕਿਸਾਨਾਂ ਅਤੇ ਲੋਕਾਂ ‘ਤੇ ਬੋਝ ਵਧੇਗਾ।
ਇਸ ਅੰਦੋਲਨ ਦੌਰਾਨ ਜੋ ਤਿੰਨ ਗੱਲਾਂ ਸਾਹਮਣੇ ਆਈਆਂ ਹਨ, ਉਨ੍ਹਾਂ ਬਾਰੇ ਅੱਜ ਦੀ ਮੀਟਿੰਗ ਵਿੱਚ ਚਰਚਾ ਕੀਤੀ ਗਈ ਹੈ। ਕਿਸਾਨਾਂ ‘ਤੇ ਹਜ਼ਾਰਾਂ ਕੇਸ ਦਰਜ ਹਨ। ਜੋ ਕੇਸ ਭਾਜਪਾ ਦੇ ਰਾਜਾਂ ਵਿੱਚ ਹੋਏ ਹਨ, ਉਹ ਸਰਕਾਰ ਨੂੰ ਵਾਪਿਸ ਲੈਣੇ ਚਾਹੀਦੇ ਹਨ। 26 ਜਨਵਰੀ ਅਤੇ ਲਖੀਮਪੁਰ ਖੇੜੀ ਦੇ ਕੇਸ ਵੀ ਵਾਪਿਸ ਲਏ ਜਾਣ।