ਬੀਤੇ ਇੱਕ ਸਾਲ ਤੋਂ ਜਿਆਦਾ ਸਮੇਂ ਤੋਂ ਕਿਸਾਨਾਂ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਸੋਮਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਪਰ MSP ਸਣੇ ਕੁੱਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਹੁਣ ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੇ ਮੰਤਰੀ ਨੇ ਵੀ ਇਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮੰਗਲਵਾਰ ਨੂੰ ਜਲੰਧਰ ਵਿਖੇ ਕਿਹਾ ਕਿ ਜੇਕਰ ਕੇਂਦਰ MSP ‘ਤੇ ਗਾਰੰਟੀ ਦੇਣ ਵਿੱਚ ਅਸਫਲ ਰਿਹਾ ਤਾਂ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਖੁਦ 113 ਫਸਲਾਂ ‘ਤੇ ਐੱਮ. ਐੱਸ. ਪੀ. ਮੁਹੱਈਆ ਕਰਵਾਏਗੀ।
ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ MSP ਨੂੰ ਲੈ ਕੇ ਕੇਂਦਰੀ ਮੰਤਰੀ ਨਾਲ ਗੱਲਬਾਤ ਹੋਈ ਸੀ ਜਿਨ੍ਹਾਂ ਨੇ ਭਰੋਸਾ ਦਿਵਾਇਆ ਹੈ ਕਿ ਕਿਸਾਨਾਂ ਦੀ ਇਹ ਮੰਗ ਜ਼ਰੂਰ ਮੰਨ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਅੰਦੋਲਨ ਵਿਚ ਸ਼ਹੀਦ ਹੋਏ 157 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਦਿੱਤੀ ਜਾ ਚੁੱਕੀ ਹੈ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ‘ਤੇ ਖੇਤੀ ਸੰਦ ਵੀ ਦਿੱਤੇ ਜਾ ਰਹੇ ਹਨ।