ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰਾਂ ਭਖ ਚੁੱਕਿਆ ਹੈ। ਸ਼ਨੀਵਾਰ ਨੂੰ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਵਿਧਾਨ ਸਭਾ ਲੜਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਲੜਨ ਦਾ ਐਲਾਨ ਕਰਦਿਆਂ ਬਲਵੀਰ ਸਿੰਘ ਰਾਜੇਵਾਲ ਨੂੰ ਮੁੱਖ ਮੰਤਰੀ ਉਮੀਦਵਾਰ ਵੀ ਐਲਾਨ ਦਿੱਤਾ ਹੈ।
ਕਿਸਾਨਾਂ ਨੇ ਸ਼ਨੀਵਾਰ ਨੂੰ ‘ਸੰਯੁਕਤ ਸਮਾਜ ਮੋਰਚਾ’ ਨਾਮ ਦਾ ਮੋਰਚਾ ਬਣਾਇਆ ਹੈ। ਜਿਸ ਨੂੰ ਪੰਜਾਬ ਦੀਆ 32 ਕਿਸਾਨ ਜਥੇਬੰਦੀਆਂ ਵਿੱਚੋਂ 22 ਨੇ ਸਮਰਥਨ ਕੀਤਾ ਹੈ। ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ‘ਚ 2 ਤੋਂ 3 ਹੋਰ ਜਥੇਬੰਦੀਆਂ ਵੀ ਇਸ ਮੋਰਚੇ ਵਿੱਚ ਸ਼ਾਮਿਲ ਹੋ ਸਕਦੀਆਂ ਹਨ। ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ ਸਾਰੀਆਂ 117 ਸੀਟਾਂ ‘ਤੇ ਚੋਣਾਂ ਲੜਨ ਲਈ ਤਿਆਰ ਹਾਂ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਜੋ ਵੀ ਪੰਜਾਬ ਦੇ ਭਲੇ ਦੀ ਗੱਲ ਕਰੇਗਾ ਤਾਂ ਉਸ ਨੂੰ ਨਾਲ ਲਿਆਂਦਾ ਜਾਵੇਗਾ।
ਉੱਥੇ ਹੀ ਇਸ ਤੋਂ ਪਹਿਲਾ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਹੇ ਹਨ। ਇਹ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ: ਦਰਸ਼ਨਪਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਕਿ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ-ਵੱਖ ਵਿਚਾਰਧਾਰਕ ਜਥੇਬੰਦੀਆਂ ਦਾ ਪਲੇਟਫਾਰਮ ਹੈ, ਜੋ ਕੇਵਲ ਕਿਸਾਨਾਂ ਦੇ ਮੁੱਦਿਆਂ ‘ਤੇ ਹੀ ਬਣਿਆ ਹੈ।