ਪੰਜਾਬ ਵਿੱਚ ਚੋਣਾਂ ਦੀ ਤਰੀਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਪੰਜਾਬ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ 14 ਫਰਵਰੀ ਨੂੰ ਵੋਟਾਂ ਦੀ ਤਰੀਕ ਤੈਅ ਕੀਤੀ ਸੀ। ਇਸ ਤੋਂ ਬਾਅਦ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਨੇ ਚੋਣਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ, ਜਿਸ ਨੂੰ ਕੇਂਦਰੀ ਚੋਣ ਕਮਿਸ਼ਨ ਨੇ ਪ੍ਰਵਾਨ ਕਰ ਲਿਆ ਹੈ। ਵੋਟਾਂ ਦੀ ਗਿਣਤੀ ਨਿਰਧਾਰਿਤ ਮਿਤੀ ਅਨੁਸਾਰ 10 ਮਾਰਚ ਨੂੰ ਹੋਵੇਗੀ।
ਪੱਤਰ ਵਿੱਚ ਲਿਖਿਆ ਗਿਆ ਹੈ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਜਯੰਤੀ ਦੇ ਪਵਿੱਤਰ ਤਿਉਹਾਰ ਕਾਰਨ ਸੂਬੇ ਦਾ ਵੱਡਾ ਵਰਗ ਪਹਿਲਾਂ ਹੀ ਵਾਰਾਣਸੀ ਜਾ ਸਕਦਾ ਹੈ। ਅਜਿਹੇ ‘ਚ ਜੇਕਰ ਸੂਬੇ ‘ਚ ਵੋਟਿੰਗ ਹੁੰਦੀ ਹੈ ਤਾਂ ਉਹ ਲੋਕ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਜਾਣਗੇ। ਵੋਟਿੰਗ ਦੀ ਤਰੀਕ ਜੋ ਛੇ ਦਿਨ ਵਧਾ ਦਿੱਤੀ ਗਈ ਹੈ, ਉਸ ਮੁਤਾਬਕ ਕੁੱਝ ਹੋਰ ਬਦਲਾਅ ਕੀਤੇ ਜਾਣਗੇ। ਇਸ ਦਾ ਨੋਟੀਫਿਕੇਸ਼ਨ ਵੀ 25 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ ਪੱਤਰ 1 ਫਰਵਰੀ ਤੱਕ ਭਰੇ ਜਾਣਗੇ। ਉਮੀਦਵਾਰਾਂ ਦੀ ਅੰਤਿਮ ਸੂਚੀ 4 ਫਰਵਰੀ ਨੂੰ ਜਾਰੀ ਕੀਤੀ ਜਾਵੇਗੀ। ਠੀਕ ਪੰਦਰਾਂ ਦਿਨ ਪ੍ਰਚਾਰ ਲਈ ਮਿਲਣਗੇ।