ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਆਸਟ੍ਰੇਲੀਆ, ਬ੍ਰਿਟੇਨ, ਬ੍ਰਾਜ਼ੀਲ, ਸਪੇਨ, ਮਲੇਸ਼ੀਆ ਅਤੇ ਨੀਦਰਲੈਂਡ ਦੇ ਰਾਜਦੂਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਦੀਆਂ ਅਪਾਰ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਛੇ ਦੇਸ਼ਾਂ ਦੇ ਰਾਜਦੂਤਾਂ ਨਾਲ ਵੱਖ-ਵੱਖ ਮੀਟਿੰਗਾਂ ਦੌਰਾਨ ਰਾਜਦੂਤਾਂ ਨੇ ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਵੀ ਸ਼ਲਾਘਾ ਕੀਤੀ ਅਤੇ ਸੂਬੇ ਦੇ ਨਿਵੇਸ਼ ਬੁਨਿਆਦੀ ਢਾਂਚੇ ਵਿੱਚ ਡੂੰਘੀ ਦਿਲਚਸਪੀ ਦਿਖਾਈ।
ਰਾਜਦੂਤਾਂ ਨਾਲ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਅਪਾਰ ਸੰਭਾਵਨਾਵਾਂ ਦਾ ਕੇਂਦਰ ਦੱਸਿਆ ਅਤੇ ਆਪੋ-ਆਪਣੇ ਦੇਸ਼ਾਂ ਦੀਆਂ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵੱਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਵਿੱਚ ਨਿਵੇਸ਼ ਕਰਕੇ ਕੰਪਨੀਆਂ ਨੂੰ ਬਹੁਤ ਫਾਇਦਾ ਹੋਵੇਗਾ। ਸੀਐਮ ਮਾਨ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਚੰਗੇ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਵਧੀਆ ਉਦਯੋਗਿਕ ਅਤੇ ਕੰਮਕਾਜੀ ਅਭਿਆਸਾਂ ਨਾਲ ਲੈਸ ਅਨੁਕੂਲ ਮਾਹੌਲ ਦਾ ਪੂਰਾ ਫਾਇਦਾ ਉਠਾਉਣਾ ਚਾਹੀਦਾ ਹੈ। ਕੰਪਨੀਆਂ ਦਾ ਨਿੱਘਾ ਸੁਆਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਵਿਚਾਰਾਂ ਅਤੇ ਖੋਜਾਂ ਲਈ ਸੂਬਾ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।