ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਨਸ਼ਿਆਂ ਦੇ ਮੁੱਦੇ ‘ਤੇ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਹਿ ਦਿੱਤਾ ਗਿਆ ਹੈ ਕਿ ਜਿਸ ਥਾਣੇ ਦੇ ਇਲਾਕੇ ‘ਚ ਨਿਸ਼ਾ ਨੂੰ ਵਿਕਿਆ ਉਸ ਥਾਣੇ ਦੇ ਐੱਸਐੱਚਓ ਅਤੇ ਐੱਸਐੱਸਪੀ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਸਮੂਹ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਸਪੈਸ਼ਲ ਟਾਸਕ ਫੋਰਸ ਕੋਈ ਨਸ਼ਾ ਫੜੇ ਜਾਂ ਕਿਸੇ ਵੀ ਥਾਂ ਤੋਂ ਸ਼ਿਕਾਇਤ ਮਿਲੇ ਤਾਂ ਤੁਰੰਤ ਪਰਚਾ ਦਰਜ ਕੀਤਾ ਜਾਵੇ। ਪੁਲਿਸ ਨੂੰ ਉਸਦੀ ਸਪਲਾਈ ਤੱਕ ਪਹੁੰਚਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਰੂਪ ਰੇਖਾ ਤਿਆਰ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਮਾਨ ਨੇ ਕਿਹਾ ਕਿ ਨਸ਼ਾ ਲੈਣ ਵਾਲੇ ਮਰੀਜ਼ ਹਨ ਤਸਕਰ ਨਹੀਂ। ਅਸੀਂ ਉਨ੍ਹਾਂ ਨੂੰ ਹਸਪਤਾਲ ਲੈ ਜਾਵਾਂਗੇ। ਇਸ ਦੇ ਲਈ 208 ਓਟ ਕਲੀਨਿਕਾਂ ਨੂੰ ਵਧਾ ਕੇ ਇੱਕ ਹਜ਼ਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਛੱਡ ਚੁੱਕੇ ਨੌਜਵਾਨ ਹੁਣ ਨਸ਼ਾ ਕਰਨ ਵਾਲਿਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਅੱਗੇ ਵਧਣ ਚ ਮਦਦ ਕਰਨਗੇ। ਮੁਫ਼ਤ ਨਹੀਂ, ਸਗੋਂ ਸਰਕਾਰ ਪੈਸੇ ਦੇ ਕੇ ਉਨ੍ਹਾਂ ਨੂੰ ਨੌਕਰੀ ‘ਤੇ ਰੱਖੇਗੀ। ਮਾਨ ਨੇ ਕਿਹਾ ਕਿ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਸੁਹਿਰਦਤਾ ਅਤੇ ਗੰਭੀਰਤਾ ਨਾਲ ਲੱਗੀ ਹੋਈ ਹੈ। ਨਸ਼ੇ ਦੇ ਆਦੀ ਵਿਅਕਤੀਆਂ ਲਈ ਡਾਕਟਰੀ ਸਹਾਇਤਾ ਤੋਂ ਇਲਾਵਾ ਕਾਊਂਸਲਿੰਗ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਸਰਕਾਰ ਉਨ੍ਹਾਂ ਦੀ ਟ੍ਰੈਕਿੰਗ ਵੀ ਕਰੇਗੀ, ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।