ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਸੂਬੇ ਭਰ ‘ਚ 1274 ਫਰਮਾਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਕਈ ਫਰਜ਼ੀ ਏਜੰਟਾਂ ਦਾ ਪਰਦਾਫਾਸ਼ ਹੋਇਆ, ਜਿਨ੍ਹਾਂ ਖਿਲਾਫ 24 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 7 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਇਮੀਗ੍ਰੇਸ਼ਨ ਦੇ ਨਾਂ ‘ਤੇ ਹੋ ਰਹੀ ਧੋਖਾਧੜੀ ‘ਤੇ ਸ਼ਿਕੰਜਾ ਕੱਸਣ ਲਈ ਇਹ ਕਾਰਵਾਈ ਕੀਤੀ ਹੈ। ਸਰਕਾਰ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਇਮੀਗ੍ਰੇਸ਼ਨ ਫਰਮਾਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰ ਰਹੀਆਂ ਹਨ ਅਤੇ ਕਈ ਮਾਮਲਿਆਂ ‘ਚ ਜਾਅਲੀ ਦਸਤਾਵੇਜ਼ ਬਣਾ ਕੇ ਠੱਗੀ ਮਾਰ ਰਹੀਆਂ ਹਨ।
ਪੰਜਾਬ ਪੁਲੀਸ ਅਤੇ ਸਬੰਧਿਤ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਨੇ ਸੂਬੇ ਭਰ ਵਿੱਚ 1274 ਇਮੀਗ੍ਰੇਸ਼ਨ ਫਰਮਾਂ ’ਤੇ ਛਾਪੇ ਮਾਰੇ। 24 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀ ਗਈ ਅਤੇ 7 ਏਜੰਟਾਂ ਨੂੰ ਗ੍ਰਿਫਤਾਰ ਕੀਤਾ ਗਿਆ। ਸੈਂਕੜੇ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।
ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਗੈਰ-ਕਾਨੂੰਨੀ ਪਰਵਾਸ ਦੇ ਕਾਰੋਬਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਰਜਿਸਟਰਡ ਅਤੇ ਪ੍ਰਮਾਣਿਤ ਏਜੰਟਾਂ ਤੋਂ ਹੀ ਵੀਜ਼ਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਲੈਣ ਦੀ ਸਲਾਹ ਦਿੱਤੀ ਹੈ।